ਜਸਪਾਲ ਸਿੰਘ ਜੱਸੀ, ਤਰਨਤਾਰਨ : ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ 'ਚ ਤਾਇਨਾਤ ਪੈਸਕੋ ਕਰਮਚਾਰੀ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਤੇ ਅਫੀਮ ਬਰਾਮਦ ਹੋਈ ਹੈ। ਇਸ ਮੁਲਜ਼ਮ ਦੀ ਗੱਡੀ ਵਿੱਚੋਂ ਦੋ ਸਮਾਰਟ ਮੋਬਾਈਲ ਫੋਨ ਬਰਾਮਦ ਹੋਏ ਹਨ।

ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਵੱਲੋਂ ਥਾਣੇ ਨੂੰ ਲਿਖੇ ਸ਼ਿਕਾਇਤ ਪੱਤਰ ਮੁਤਾਬਕ ਜੇਲ੍ਹ ਵਿਚ ਤਾਇਨਾਤ ਪੈਸਕੋ ਕਰਮਚਾਰੀ ਜਗਬੀਰ ਸਿੰਘ ਦੀ ਜੇਲ੍ਹ ਦੀ ਡਿਓਢੀ ਵਿਚ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 60 ਗ੍ਰਾਮ ਹੈਰੋਇਨ ਤੇ 52 ਗ੍ਰਾਮ ਅਫੀਮ ਬਰਾਮਦ ਹੋਈ। ਜਦੋਂਕਿ ਉਸ ਦੀ ਡਿਓਢੀ ਦੇ ਬਾਹਰ ਖੜ੍ਹੀ ਗੱਡੀ ਦੀ ਤਲਾਸ਼ੀ ਲੈਣ ਦੌਰਾਨ ਦੋ ਸਮਾਰਟ ਫੋਨ ਬਰਾਮਦ ਹੋਏ। ਇਸ ਬਾਰੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਜਗਬੀਰ ਸਿੰਘ ਪੁੱਤਰ ਸਵਿੰਦਰ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੀ ਜਾਂਚ ਲਈ ਸਬ- ਇੰਸਪੈਕਟਰ ਲਖਬੀਰ ਸਿੰਘ ਦੀ ਡਿਊਟੀ ਲਾਈ ਗਈ ਹੈ। ਜਦੋਂਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਦੀ ਮੰਗ ਕੀਤੀ ਜਾਣੀ ਹੈ।