ਬੇਅਦਬੀ ਕਾਨੂੰਨ 'ਤੇ ਸੰਧਵਾਂ ਦਾ ਵੱਡਾ ਬਿਆਨ: ਕਿਹਾ- 'ਗੁਰੂ ਸਾਹਿਬ ਦੇ ਸਤਿਕਾਰ ਤੇ ਸੰਗਤ ਦੀਆਂ ਭਾਵਨਾਵਾਂ ਲਈ ਬਣਾਇਆ ਗਿਆ ਹੈ ਇਹ ਕਾਨੂੰਨ'
ਜਥੇਦਾਰ ਦੇ ਸੱਦੇ ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਠੀਕ 11 ਵਜੇ ਸਕੱਤਰੇਤ ਵਿਖੇ ਪਹੁੰਚੇ ਅਤੇ ਜਥੇਦਾਰ ਦੇ ਨਾਲ ਬੇਅਦਬੀ ਕਾਨੂੰਨ ਸਬੰਧੀ ਵਿਚਾਰ ਵਟਾਂਦਰਾ ਕਰ ਰਹੇ ਹਨ।
Publish Date: Fri, 08 May 2026 11:41 AM (IST)
Updated Date: Fri, 08 May 2026 12:39 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ 13 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਬਣਾਏ ਕਾਨੂੰਨ ਦੇ ਸੰਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਕਾਨੂੰਨ ਦੀਆਂ ਮੱਦਾਂ ਸਬੰਧੀ ਵਿਚਾਰਨ ਲਈ ਸੱਦਿਆ ਗਿਆ ਸੀ। ਜਥੇਦਾਰ ਦੇ ਸੱਦੇ ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਠੀਕ 11 ਵਜੇ ਸਕੱਤਰੇਤ ਵਿਖੇ ਪਹੁੰਚੇ ਅਤੇ ਜਥੇਦਾਰ ਦੇ ਨਾਲ ਬੇਅਦਬੀ ਕਾਨੂੰਨ ਸਬੰਧੀ ਵਿਚਾਰ ਵਟਾਂਦਰਾ ਕਰ ਰਹੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਜਥੇਦਾਰ ਵੱਲੋਂ ਕਾਨੂੰਨ ਦੀਆਂ ਮੱਦਾਂ ਸਬੰਧੀ ਜੋ ਵੀ ਸਵਾਲ ਪੁੱਛੇ ਗਏ ਸਨ, ਉਨ੍ਹਾਂ ਦੇ ਵਿਸਥਾਰਪੂਰਵਕ ਜਵਾਬ ਦੇ ਦਿੱਤੇ ਗਏ ਹਨ।
ਸੰਧਵਾਂ ਨੇ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖ ਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਵਰਗਾ ਅਪਰਾਧ ਕਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।