ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ ਸੋਲਰ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਲਾਂਟ ਸਥਾਪਨਾ ਦੀ ਅਰੰਭਤਾ ਮੌਕੇ ਕਿਹਾ ਕਿ ਜਲਦ ਹੀ ਪਾਵਨ ਅਸਥਾਨ ਲਈ ਸੂਰਜੀ ਊਰਜਾ ਨਾਲ ਬਿਜਲੀ ਦੀ ਪੈਦਾਵਾਰ ਸ਼ੁਰੂ ਹੋ ਜਾਵੇਗੀ। ਇਸ ਨਾਲ ਜਿਥੇ ਕੁਦਰਤੀ ਸੋਮਿਆਂ ਦੀ ਵਰਤੋਂ ਦਾ ਸੁਨੇਹਾ ਸੰਗਤ ਵਿਚ ਜਾਵੇਗਾ, ਉਥੇ ਹੀ ਬਿਜਲੀ ਖ਼ਰਚਿਆਂ ਵਿਚ ਵੀ ਵੱਡੀ ਕਮੀ ਆਵੇਗੀ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਫਿਲਹਾਲ 700 ਕਿਲੋਵਾਟ ਦਾ ਪਲਾਂਟ ਲਗਾਇਆ ਜਾ ਰਿਹਾ ਹੈ, ਕਿਉਂਕਿ ਸਰਕਾਰ ਨੇ ਕਿਸੇ ਖੁੱਲ੍ਹੀ ਥਾਂ 'ਤੇ ਵੱਡਾ ਪਲਾਂਟ ਲਗਾਉਣ ਲਈ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅੰਮਿ੍ਤਸਰ ਨਜ਼ਦੀਕ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸੋਲਰ ਪਲਾਂਟ ਲਗਾਉਣ ਲਈ ਪੰਜਾਬ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਸੀ। ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ, ਪਰ ਅਜੇ ਤਕ ਮਨਜ਼ੂਰੀ ਨਹੀਂ ਮਿਲੀ। ਹੁਣ ਸ਼੍ਰੋਮਣੀ ਕਮੇਟੀ ਨੇ ਮਾਤਾ ਗੰਗਾ ਜੀ ਨਿਵਾਸ ਦੀ ਛੱਤ 'ਤੇ ਸੋਲਰ ਪਲਾਂਟ ਲਗਾਉਣ ਦੀ ਸ਼ੁਰੂਆਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਨੇੜਲੇ ਭਵਿੱਖ ਵਿਚ ਜਦੋਂ ਹੀ ਸਰਕਾਰ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ 2 ਮੈਗਾਵਾਟ ਦਾ ਹੋਰ ਸੋਲਰ ਪਲਾਂਟ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਵੱਧ ਸਮਰੱਥਾ ਵਾਲਾ ਸੋਲਰ ਪਲਾਂਟ ਸਥਾਪਤ ਕਰਨ ਦੀ ਪ੍ਰਵਾਨਗੀ ਮਿਲਦੀ ਹੈ, ਤਾਂ ਇਸ ਨਾਲ ਸ਼੍ਰੋਮਣੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਹੋਰਨਾਂ ਗੁਰ-ਅਸਥਾਨਾਂ ਲਈ ਵੀ ਇਸ ਦੀ ਵਰਤੋਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਹੀ ਪ੍ਰਵਾਨਗੀ ਦੇਣੀ ਚਾਹੀਦੀ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਗੁਰਨਾਮ ਸਿੰਘ ਜੱਸਲ, ਅਕਾਲੀ ਆਗੂ ਯੁਵਰਾਜ ਭੁਪਿੰਦਰ ਸਿੰਘ, ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਰਸ਼ਪਾਲ ਸਿੰਘ ਢੀਂਡਸਾ ਵੱਲੋਂ ਬਲਦੇਵ ਸਿੰਘ, ਜਰਨੈਲ ਸਿੰਘ ਕੰਗ, ਮਾਸਟਰ ਰਣਜੀਤ ਸਿੰਘ, ਪ੍ਰੋ. ਐੱਨਪੀ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਓਐੱਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪਰਵਾਈਜ਼ਰ ਮੇਜਰ ਸਿੰਘ ਆਦਿ ਮੌਜੂਦ ਸਨ।