ਏ਼ਡੀਸੀ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਰੁਪਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ
Publish Date: Fri, 25 Sep 2026 04:22 PM (IST)
Updated Date: Fri, 25 Sep 2026 04:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਰੁਪਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਹਿਲ ਆਨੰਦ, ਜ਼ਿਲ੍ਹਾ ਸੈਨੀਟੇਸ਼ਨ ਕਮ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ, ਮੰਡਲ ਨੰਬਰ 3, ਅੰਮ੍ਰਿਤਸਰ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਠੋਸ ਕੂੜਾ ਪ੍ਰਬੰਧਨ ਲਈ 855 ਗ੍ਰਾਮ ਪੰਚਾਇਤਾਂ ਵਾਸਤੇ 28 ਕਰੋੜ 30 ਲੱਖ 55 ਹਜ਼ਾਰ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਠੋਸ ਕੂੜਾ ਪ੍ਰਬੰਧਨ ਤਹਿਤ 855 ਗ੍ਰਾਮ ਪੰਚਾਇਤਾਂ ਵਿੱਚ 5 ਕਰੋੜ 43 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 352 ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 101 ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਉਸਾਰੀ ਅਧੀਨ ਹਨ। ਜ਼ਿਲ੍ਹੇ ਦੇ 222 ਪਿੰਡਾਂ ਨੂੰ ਓ.ਡੀ.ਐੱਫ. ਪਲੱਸ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, ਜ਼ਿਲ੍ਹੇ ਵਿੱਚ ਬਲਾਕ ਪੱਧਰ ਤੇ 3 ਪਲਾਸਟਿਕ ਵੇਸਟ ਮੈਨੇਜਮੈਂਟ ਪ੍ਰੋਜੈਕਟ ਸਥਾਪਤ ਕੀਤੇ ਗਏ ਹਨ ਅਤੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ 74 ਸਾਂਝੇ ਪਖਾਨੇ ਬਣਾਏ ਗਏ ਹਨ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਸਾਲ 2026-27 ਦੀ ਸਾਲਾਨਾ ਕਾਰਜ ਯੋਜਨਾ ਤਹਿਤ ਪਿੰਡਾਂ ਵਿੱਚੋਂ ਨਿਕਲਣ ਵਾਲੀ ਗਿੱਲੀ ਅਤੇ ਸੁੱਕੀ ਗੰਦਗੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਮੌਜੂਦਾ ਐੱਸ.ਟੀ.ਪੀ. ਉੱਪਰ ਲਗਭਗ 42 ਲੱਖ ਰੁਪਏ ਦੀ ਲਾਗਤ ਨਾਲ ਕੋ-ਟ੍ਰੀਟਮੈਂਟ ਲਗਾਉਣ ਦੀ ਤਜਵੀਜ਼ ਵੀ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਬਲਾਕ ਚੋਗਾਵਾਂ ਦੇ ਪਿੰਡਾਂ ਵਿੱਚ ਬਾਬਾ ਭੀਰੋ ਵਾਲਾ ਗਊਸ਼ਾਲਾ, ਰਾਮ ਤੀਰਥ ਗਊਸ਼ਾਲਾ ਅਤੇ ਸੇਵਾ ਸਮਿਤੀ ਵਿਖੇ ਗੋਬਰ ਗੈਸ ਪਲਾਂਟ ਲਗਾਇਆ ਗਿਆ ਹੈ। ਗੋਬਰ ਗੈਸ ਪਲਾਂਟਾਂ ਤੋਂ ਪੈਦਾ ਹੋਣ ਵਾਲੀ ਸਲਰੀ ਦੇ ਸਹੀ ਨਿਪਟਾਰੇ ਅਤੇ ਵਰਤੋਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 1 ਵੱਲੋਂ ਨਹਿਰੀ ਪਾਣੀ ਦੇ ਪ੍ਰੋਜੈਕਟ ਤਹਿਤ ਕੁੱਕੜਾਂਵਾਲਾ ਨੇੜੇ ਪਾਈਪਲਾਈਨ ਵਿਛਾਉਣ ਸਮੇਂ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਵੱਛ ਭਾਰਤ ਮਿਸ਼ਨ ਅਧੀਨ ਚੱਲ ਰਹੇ ਸਾਰੇ ਵਿਕਾਸ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਠੋਸ ਕੂੜਾ ਪ੍ਰਬੰਧਨ ਲਈ ਸੀਵਰੇਜ ਬੋਰਡ ਅਤੇ ਮਿਊਂਸਪਲ ਕਾਰਪੋਰੇਸ਼ਨ ਨਾਲ ਤਾਲਮੇਲ ਕਰਕੇ ਢੁੱਕਵੇਂ ਪ੍ਰਬੰਧ ਕਰਨ, ਗੋਬਰ ਗੈਸ ਪਲਾਂਟਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਅਤੇ ਨਹਿਰੀ ਪਾਣੀ ਦੇ ਪ੍ਰੋਜੈਕਟ ਸਬੰਧੀ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਅਤੇ ਬਲਜੀਤ ਸਿੰਘ ਉਪ ਮੰਡਲ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ, ਧਰਮਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ, ਅਮਨਦੀਪ ਸਿੰਘ ਬੀਡੀਪੀਓ ਮਜੀਠਾ, ਰਮਿੰਦਰ ਸਿੰਘ ਉਪ ਮੰਡਲ ਇੰਜੀਨੀਅਰ ਸੀਵਰੇਜ ਬੋਰਡ, ਸਿਹਤ ਵਿਭਾਗ, ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਹਾਜ਼ਰ ਸਨ।