ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨਾਲ ਕੀਤੀ ਗੱਲਬਾਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ
Publish Date: Thu, 19 Nov 2026 04:47 PM (IST)
Updated Date: Thu, 19 Nov 2026 04:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਨਸ਼ਿਆਂ ਲਈ ਪਛਾਣੇ ਗਏ ਹਾਟ ਸਪਾਟ ਖੇਤਰ ਗੁੱਜਰਪੁਰਾ ਵਿਖੇ ਵਿਸ਼ੇਸ਼ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਲਈ ਪਛਾਣੇ ਗਏ 56 ਹਾਟ ਸਪਾਟ ਖੇਤਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਇਨ੍ਹਾਂ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਪਹੁੰਚ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਰਹੇ ਹਨ। ਡੀਸੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਇਸ ਵਿੱਚੋਂ ਬਾਹਰ ਕੱਢਣ ਲਈ ਯਤਨ ਕਰਨਾ ਅਤੇ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਪ੍ਰਸ਼ਾਸਨਿਕ ਯਤਨ ਹੀ ਕਾਫ਼ੀ ਨਹੀਂ ਹਨ, ਸਗੋਂ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰੇ ਮਿਲ ਕੇ ਹੰਭਲਾ ਮਾਰਨ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜਿਸ ਨੂੰ ਜੜ੍ਹੋਂ ਖਤਮ ਕਰਨ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਚਾਹੀਦਾ ਹੈ। ਕੋਈ ਵਿਅਕਤੀ ਨਸ਼ਿਆਂ ਦੀ ਵਿਕਰੀ ਕਰਦਾ ਹੈ ਤਾਂ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ, ਤਾਂ ਜੋ ਅੰਮ੍ਰਿਤਸਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।