ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਬਣੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਦੇ ਮੀਡੀਆ ਸਕੱਤਰ ਤਜਿੰਦਰ ਸਿੰਘ ਪੰਨੂ ਅਤੇ ਮੁੱਖ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਨਿਯੁਕਤੀ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀਆਂ ਪੰਥ, ਸਮਾਜ ਅਤੇ ਕੌਮ ਪ੍ਰਤੀ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਅਤੇ ਵਚਨਬੱਧਤਾ ਨੂੰ ਧਿਆਨ ’ਚ ਰੱਖਦਿਆਂ ਕੀਤੀ ਗਈ ਹੈ।
Publish Date: Sat, 22 Aug 2026 01:20 PM (IST)
Updated Date: Sat, 22 Aug 2026 01:24 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥਕ ਸਫ਼ਾਂ ’ਚ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾ ਰਹੇ ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਦੇ ਮੀਡੀਆ ਸਕੱਤਰ ਤਜਿੰਦਰ ਸਿੰਘ ਪੰਨੂ ਅਤੇ ਮੁੱਖ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਨਿਯੁਕਤੀ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀਆਂ ਪੰਥ, ਸਮਾਜ ਅਤੇ ਕੌਮ ਪ੍ਰਤੀ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਅਤੇ ਵਚਨਬੱਧਤਾ ਨੂੰ ਧਿਆਨ ’ਚ ਰੱਖਦਿਆਂ ਕੀਤੀ ਗਈ ਹੈ।
ਜਥੇਦਾਰ ਸ਼ੇਰਗਿੱਲ ਨੇ ਹਮੇਸ਼ਾ ਪੰਥਕ ਸਿਧਾਂਤਾਂ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਲਈ ਦ੍ਰਿੜ੍ਹਤਾ ਨਾਲ ਆਵਾਜ਼ ਬੁਲੰਦ ਕੀਤੀ ਹੈ। ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਵਜੋਂ ਉਨ੍ਹਾਂ ਨੇ ਸੰਗਤ ’ਚ ਧਰਮ ਪ੍ਰਚਾਰ ਅਤੇ ਪੰਥਕ ਏਕਤਾ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਵਿਸ਼ਾਲ ਤਜ਼ਰਬੇ ਨਾਲ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਨਵੀਂ ਦਿਸ਼ਾ ਮਿਲੇਗੀ।
ਇਸੇ ਦੌਰਾਨ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀ ਨਿਯੁਕਤੀ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ਼ੇਰਗਿੱਲ ਪੰਥਕ ਸਫ਼ਾਂ ਦੇ ਉਹ ਚੰਗੇ ਚਿਹਰੇ ਹਨ ਜਿਨ੍ਹਾਂ ਨੇ ਹਮੇਸ਼ਾ ਪੰਥ ਪ੍ਰਸਤੀ ਦਾ ਲੜ ਫੜ ਕੇ ਪੰਥਕ ਸਫ਼ਾਂ ਦੇ ਵਿੱਚ ਵੱਡੀਆਂ ਸੇਵਾਵਾਂ ਦਿੱਤੀਆਂ ਹਨ ਅਤੇ ਨਿਰੰਤਰ ਦੇ ਰਹੇ ਹਨ।
ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀ ਇਸ ਨਿਯੁਕਤੀ ਨਾਲ ਪੰਥਕ ਹਲਕਿਆਂ ’ਚ ਖੁਸ਼ੀ ਦੀ ਲਹਿਰ ਹੈ। ਵੱਖ-ਵੱਖ ਧਾਰਮਿਕ ਅਤੇ ਪੰਥਕ ਸ਼ਖਸੀਅਤਾਂ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਆਸ ਪ੍ਰਗਟਾਈ ਹੈ ਕਿ ਜਥੇਦਾਰ ਸ਼ੇਰਗਿੱਲ ਪੰਥਕ ਭਲਾਈ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।