ਜਥੇਦਾਰ ਗੜਗੱਜ ਨੇ ਪਟਿਆਲਾ ਜੇਲ੍ਹ 'ਚ ਨਜ਼ਰਬੰਦ ਸੰਦੀਪ ਸਿੰਘ ਮਾਮਲੇ ਦਾ ਲਿਆ ਸਖਤ ਨੋਟਿਸ, ਉੱਚ ਪੱਧਰੀ ਜਾਂਚ ਦੀ ਆਖੀ ਗੱਲ
ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਮੁਤਾਬਕ ਮੈਡੀਕਲ ਜਾਂਚ ਕਰਵਾ ਕੇ ਰਿਪੋਰਟ ਅਦਾਲਤ ਵਿਚ ਜਮ੍ਹਾਂ ਕਰਵਾਉਣ ਦੀ ਥਾਂ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਕਾਰਵਾਈ ਵਿਚ ਦੇਰੀ ਕੀਤੀ ਜਾ ਰਹੀ ਹੈ ਅਤੇ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
Publish Date: Thu, 18 Sep 2025 08:22 AM (IST)
Updated Date: Thu, 18 Sep 2025 08:26 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿਖੇ ਨਜ਼ਰਬੰਦ ਸੰਦੀਪ ਸਿੰਘ ਦੇ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਇਸ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਮੁਤਾਬਕ ਮੈਡੀਕਲ ਜਾਂਚ ਕਰਵਾ ਕੇ ਰਿਪੋਰਟ ਅਦਾਲਤ ਵਿਚ ਜਮ੍ਹਾਂ ਕਰਵਾਉਣ ਦੀ ਥਾਂ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਕਾਰਵਾਈ ਵਿਚ ਦੇਰੀ ਕੀਤੀ ਜਾ ਰਹੀ ਹੈ ਅਤੇ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਜੇਲ੍ਹ ਦੇ ਅੰਦਰ ਸਜ਼ਾ ਭੁਗਤ ਰਹੇ ਕਿਸੇ ਵੀ ਕੈਦੀ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਜੇਲ੍ਹ ਪ੍ਰਸ਼ਾਸਨ ਤੇ ਸਰਕਾਰ ਦੀ ਹੁੰਦੀ ਹੈ। ਉਨ੍ਹਾਂ ਪੰਜਾਬ ਦੇ ਜੇਲ੍ਹ ਮੰਤਰੀ ਨੂੰ ਆਖਿਆ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹੱਦ ਦੁਖਦਾਈ ਤੇ ਬੇਇਨਸਾਫ਼ੀ ਵਾਲਾ ਹੈ। ਜੇਲ੍ਹ ਵਿਚ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਏ ਸੰਦੀਪ ਸਿੰਘ ਦੀ ਮਾਰ ਕੁੱਟ ਕਰਨਾ ਤੇ ਉਸ ਦੇ ਪਰਿਵਾਰ ਨੂੰ ਵੀ ਉਸ ਨਾਲ ਮਿਲਣ ਨਾ ਦੇਣਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਇਨਸਾਫ਼ ਦੇਣ ਦੀ ਬਜਾਏ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿਚ ਤਬਦੀਲ ਕਰ ਦਿੱਤਾ, ਜਦ ਕਿ ਅਦਾਲਤ ਵੱਲੋਂ ਕੀਤੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਕਈ ਸਵਾਲ ਖੜ੍ਹੇ ਕਰਦਾ ਹੈ। ਜੇਕਰ ਸੰਦੀਪ ਸਿੰਘ ਦਾ ਕਿਸੇ ਵੀ ਤਰ੍ਹਾਂ ਕੋਈ ਨੁਕਸਾਨ ਹੋਇਆ ਤਾਂ ਇਸ ਦੀ ਜਿੰਮੇਵਾਰੀ ਜ਼ੇਲ੍ਹ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਪਰਿਵਾਰ ਨੂੰ ਉਸ ਬਾਰੇ ਸਹੀ ਜਾਣਕਾਰੀ ਮਿਲ ਸਕੇ।