ਮਿੱਥੇ ਪ੍ਰੋਗਰਾਮ ਅਨੁਸਾਰ ਇਹ ਜਥਾ 4 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿੱਥੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦੇ ਜਾਣ ਵਾਲੇ ਜਥੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ 4 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ। ਮਿੱਥੇ ਪ੍ਰੋਗਰਾਮ ਅਨੁਸਾਰ ਇਹ ਜਥਾ 4 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿੱਥੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਦੱਸਣਯੋਗ ਹੈ ਕਿ ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਵਾਲੀ ਸਥਿਤੀ ਕਾਰਨ ਅਟਾਰੀ-ਵਾਹਗਾ ਸਰਹੱਦ 1 ਮਈ ਤੋਂ ਪੂਰੀ ਤਰਾਂ ਯਾਤਰੂਆਂ ਲਈ ਬੰਦ ਕਰ ਦਿੱਤੀ ਸੀ। ਸੂਤਰਾਂ ਮੁਤਾਬਕ 4 ਨਵੰਬਰ ਨੂੰ ਜਥਾ ਜਾਣ ਅਤੇ 13 ਨਵੰਬਰ ਨੂੰ ਜਥਾ ਵਾਪਸ ਆਉਂਣ ਸਮੇਂ ਹੀ ਅਟਾਰੀ-ਵਾਹਗਾ ਚੈੱਕ ਪੋਸਟ ਖੋਲ੍ਹੀ ਜਾਵੇਗੀ।
4 ਤੋਂ 13 ਨਵੰਬਰ ਤੱਕ ਪਾਕਿਸਤਾਨ ਜਾਵੇਗਾ ਜਥਾ
ਸ਼੍ਰੋਮਣੀ ਕਮੇਟੀ ਦੇ ਯਾਤਾਰਾ ਵਿਭਾਗ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਸ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਕੱਤਰੇਤ ਦੇ ਮੀਡੀਆ ਇੰਚਾਰਜ ਜਸਕਰਨ ਸਿੰਘ ਨੂੰ ਵੀ ਵੀਜ਼ਾ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਜਥਾ 4 ਨਵੰਬਰ ਨੂੰ ਅਟਾਰੀ ਬਾਡਰ ਰਾਹੀਂ ਸੜਕੀ ਮਾਰਗ ਤੋਂ ਪਾਕਿਸਤਾਨ ਵਾਹਗਾ ਰਸਤਿਓਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਵੇਗਾ ਜੋ 5 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾ ਕੇ 6 ਨਵੰਬਰ ਨੂੰ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰ ਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਪਹੁੰਚੇਗਾ ਅਤੇ 7 ਨਵੰਬਰ ਨੂੰ ਉਥੇ ਹੀ ਦਰਸ਼ਨ ਦੀਦਾਰੇ ਕਰੇਗਾ, 8 ਤੇ 9 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, 10 ਨਵੰਬਰ ਨੂੰ ਗੁਰਦੁਆਰਾ ਸ੍ਰੀ ਰੂੜੀ ਸਾਹਿਬ ਦੇ ਦਰਸ਼ਨ ਕਰ ਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਪਹੁੰਚੇਗਾ ਜੋ 11 ਤੇ 12 ਨਵੰਬਰ ਨੂੰ ਉਥੇ ਹੀ ਦਰਸ਼ਨ ਦੀਦਾਰੇ ਕਰੇਗਾ ਅਤੇ 13 ਨਵੰਬਰ ਨੂੰ ਰਵਾਨਾ ਹੋ ਕੇ ਭਾਰਤ ਵਾਪਸ ਪਰਤੇਗਾ।