ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਮਤਿ ਸਮਾਗਮ ’ਚ ਸ਼ਾਮਲ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੰਗਤ ਨੂੰ ਗੁਰਬਾਣੀ ਤੇ ਸਿੱਖੀ ਸਰੂਪ ਨਾਲ ਜੁੜਨ ਦੀ ਕੀਤੀ ਅਪੀਲ ਜਥੇਦਾਰ ਨੇ ਚੜ੍ਹਦੇ ਪੰਜਾਬ ਤੋਂ ਆਈ ਸੰਗਤ ਨੂੰ ਕਿਹਾ ਕਿ ਉਹ ਸ੍ਰੀ ਨਨਕਾਣਾ ਸਾਹਿਬ ਵਿਖੇ ਪਿਸ਼ੌਰੀ ਅਤੇ ਸਿੰਧੀ ਸੰਗਤ ਵੱਲੋਂ ਗੁਰਪੁਰਬ ਮੌਕੇ ਨਿਭਾਈਆਂ ਜਾਂਦੀਆਂ ਸੇਵਾਵਾਂ ਅਤੇ ਉਨ੍ਹਾਂ ਦੀ ਸ਼ਰਧਾ ਤੋਂ ਪ੍ਰੇਰਨਾ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਇਹ ਸੰਗਤਾਂ ਬਹੁਤ ਹੀ ਪ੍ਰੇਮ, ਉਤਸ਼ਾਹ ਅਤੇ ਸ਼ਰਧਾ ਨਾਲ ਵੱਡੀਆਂ ਸੇਵਾਵਾਂ ਨਿਭਾਉਂਦੀਆਂ ਹਨ, ਜੋ ਸਭ ਲਈ ਪ੍ਰੇਰਨਾ ਦਾ ਸਰੋਤ ਹਨ।
Publish Date: Tue, 24 Nov 2026 10:21 AM (IST)
Updated Date: Tue, 24 Nov 2026 10:28 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਬੀਤੀ ਰਾਤ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ।
ਜਥੇਦਾਰ ਗਿਆਨੀ ਗੜਗੱਜ ਨੇ ਸਿੰਧੀ ਭਾਈਚਾਰੇ ਸਮੇਤ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੁਰਾਤਨ ਰਵਾਇਤ ਨੂੰ ਕਾਇਮ ਰੱਖਦਿਆਂ ਪਰਿਵਾਰਾਂ ਵਿੱਚੋਂ ਪਹਿਲੇ ਬੱਚੇ ਨੂੰ ਸਾਬਤ-ਸੂਰਤ ਸਿੱਖ ਜ਼ਰੂਰ ਬਣਾਉਣ। ਉਨ੍ਹਾਂ ਕਿਹਾ ਕਿ ਸਿੱਖੀ ਸਰੂਪ ਅਤੇ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਮੇਂ ਦੀ ਅਹਿਮ ਲੋੜ ਹੈ।
ਉਨ੍ਹਾਂ ਚੜ੍ਹਦੇ ਪੰਜਾਬ ਦੇ ਉਨ੍ਹਾਂ ਸਿੱਖ ਨੌਜਵਾਨਾਂ ਨੂੰ ਵੀ ਅਪੀਲ ਕੀਤੀ, ਜੋ ਆਪਣੇ ਕੇਸ ਕਤਲ ਕਰਵਾਉਂਦੇ ਹਨ, ਕਿ ਉਹ ਪਾਕਿਸਤਾਨ ਵਿੱਚ ਵੱਸਦੇ ਸਿੱਖਾਂ ਤੋਂ ਪ੍ਰੇਰਨਾ ਲੈਣ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸਿੱਖਾਂ ਨੇ ਬਹੁਤ ਔਖੇ ਹਾਲਾਤਾਂ ਦੇ ਬਾਵਜੂਦ ਆਪਣੀ ਸਿੱਖੀ ਅਤੇ ਸਿੱਖ ਸਰੂਪ ਨੂੰ ਕਾਇਮ ਰੱਖਿਆ ਹੈ ਅਤੇ ਇੱਥੇ ਕੋਈ ਵੀ ਸਿੱਖ ਆਪਣੇ ਕੇਸ ਕਤਲ ਨਹੀਂ ਕਰਵਾਉਂਦਾ।
ਜਥੇਦਾਰ ਨੇ ਚੜ੍ਹਦੇ ਪੰਜਾਬ ਤੋਂ ਆਈ ਸੰਗਤ ਨੂੰ ਕਿਹਾ ਕਿ ਉਹ ਸ੍ਰੀ ਨਨਕਾਣਾ ਸਾਹਿਬ ਵਿਖੇ ਪਿਸ਼ੌਰੀ ਅਤੇ ਸਿੰਧੀ ਸੰਗਤ ਵੱਲੋਂ ਗੁਰਪੁਰਬ ਮੌਕੇ ਨਿਭਾਈਆਂ ਜਾਂਦੀਆਂ ਸੇਵਾਵਾਂ ਅਤੇ ਉਨ੍ਹਾਂ ਦੀ ਸ਼ਰਧਾ ਤੋਂ ਪ੍ਰੇਰਨਾ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਇਹ ਸੰਗਤਾਂ ਬਹੁਤ ਹੀ ਪ੍ਰੇਮ, ਉਤਸ਼ਾਹ ਅਤੇ ਸ਼ਰਧਾ ਨਾਲ ਵੱਡੀਆਂ ਸੇਵਾਵਾਂ ਨਿਭਾਉਂਦੀਆਂ ਹਨ, ਜੋ ਸਭ ਲਈ ਪ੍ਰੇਰਨਾ ਦਾ ਸਰੋਤ ਹਨ।
ਸੰਗਤਾਂ ਨਾਲ ਮੁਲਾਕਾਤ ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪੁੱਜੀਆਂ ਵੱਖ-ਵੱਖ ਸਿੱਖ ਸੰਗਤਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਮਨਾਂ ਵਿੱਚ ਆਪਣੇ ਵਿਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਲੈ ਕੇ ਬੇਹੱਦ ਚਾਅ ਅਤੇ ਉਤਸ਼ਾਹ ਹੈ। ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਗੁਰੂ ਨਾਨਕ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇੱਥੇ ਪੁੱਜੀਆਂ ਹਨ।
ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਪਾਤਸ਼ਾਹ ਸਮੂਹ ਸੰਗਤਾਂ ’ਤੇ ਮਿਹਰ ਭਰਿਆ ਹੱਥ ਰੱਖਣ ਅਤੇ ਸੰਗਤਾਂ ਨੂੰ ਆਪਣੇ ਵਿਛੜੇ ਹੋਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਦਾ ਸੁਭਾਗ ਪ੍ਰਾਪਤ ਹੋਵੇ।