ਅੰਮਿ੍ਰਤਪਾਲ ਸਿੰਘ, ਅੰਮਿ੍ਰਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਪੰਜਾਬ ਸਰਕਾਰ ਵਲੋਂ ਆਈਕੇ ਗੁਜਰਾਲ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ। ਇਸ 'ਚ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਦਲਾਂ ਦੇ ਮੁਖੀ ਵੱਡੀ ਗਿਣਤੀ 'ਚ ਸ਼ਾਮਲ ਹੋਏ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦਾ ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਮੰਤਰੀ ਟੈਕਨੀਕਲ ਐਜ਼ੂਕੇਸ਼ਨ ਐਂਡ ਇਡੰਸਟਰੀਅਲ ਟਰੇਨਿੰਗ ਪੰਜਾਬ ਸਰਕਾਰ ਨੇ ਸਾਂਝੇ ਤੌਰ 'ਤੇ ਸਨਮਾਨਿਤ ਕੀਤਾ। ਸਮਾਗਮ 'ਚ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਸ਼ੇਸ਼ ਤੌਰ ਪੁਜੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਗੁਰਦੇਵ ਸਿੰਘ ਮੁਖੀ ਬਾਬਾ ਫਤਹਿ ਸਿੰਘ ਤਰਨਾ ਦਲ ਹੁਸ਼ਿਆਰਪੁਰ ਨੂੰ ਸਨਮਾਨਿਤ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਬੁੱਢਾ ਦਲ ਦੇ ਮਹਾਨ ਮੁਖੀ ਜਰਨੈਲਾਂ, ਨਵਾਬ ਕਪੂਰ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ, ਅਕਾਲੀ ਬਾਬਾ ਫੂਲਾ ਸਿੰਘ ਤੇ ਮਹਾਰਾਜਾ ਰਣਜੀਤ ਸਿੰਘ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦੇ ਇਤਿਹਾਸ ਤੇ ਯੁੱਧਨੀਤੀ ਦੀ ਵੀ ਚਰਚਾ ਕੀਤੀ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਤੇ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਉਚਾਰਨ ਮੂਲਮੰਤਰ ਸੁਨਹਿਰੀ ਅੱਖਰਾਂ 'ਚ ਅੰਕਿਤ ਯਾਦਗਾਰੀ ਮੋਮੈਂਟੋ ਨਾਲ ਸਨਮਾਨਿਤ ਕੀਤਾ।