ਜਸਪਾਲ ਸਿੰਘ ਜੱਸੀ, ਤਰਨਤਾਰਨ : ਕੋਵਿਡ-19 ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਤੇ ਰਾਜ ਭਰ 'ਚ ਲੱਗੇ ਕਰਿਫ਼ਊ ਕਾਰਨ ਪੰਜਾਬ 'ਚ ਹਾੜ੍ਹੀ ਦੀ ਫਸਲ, ਕਣਕ ਦੀ ਖਰੀਦ ਪ੍ਰਕਿਰਿਆ 15 ਅਪ੍ਰਰੈਲ ਤੋਂ ਆਰੰਭ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਵੀਰਵਾਰ ਨੂੰ ਕਣਕ ਦੀ ਖਰੀਦ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ ਹੈ।

ਡੀਸੀ ਸੱਭਰਵਾਲ ਨੇ ਕਿਹਾ ਇਹ ਖ਼ਰੀਦ ਪ੍ਰਕਿਰਿਆ 15 ਜੂਨ ਤਕ ਜਾਰੀ ਰਹੇਗੀ ਤੇ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੇ ਹਰ ਦਾਣੇ ਦੀ ਖਰੀਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 15 ਅਪ੍ਰਰੈਲ ਤੋਂ ਤਿਆਰ ਫਸਲ ਨੂੰ ਮੰਡੀ ਵਿਚ ਲਿਆਉਣ ਦੀ ਤਿਆਰੀ ਕਰਨ। ਉਨ੍ਹਾਂ ਕਿਹਾ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਵੇਚਣ ਵਿਚ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਲ੍ਹੇ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 56 ਖਰੀਦ ਕੇਂਦਰ ਬਣਾਏ ਗਏ ਹਨ। ਜਿਥੇ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 6 ਲੱਖ 79 ਹਜ਼ਾਰ 799 ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਲਈ ਬਾਰਦਾਨੇ ਤੇ ਸਟੋਰੇਜ਼ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਦੇ ਪ੍ਰਸ਼ਾਸਕੀ ਅਫ਼ਸਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ 'ਤੇ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਬਿਜਲੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿਚ ਕੋਈ ਮੁਸ਼ਕਲ ਨਾ ਆਵੇ।