ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਜ਼ਿਲ੍ਹੇ 'ਚ ਸ਼ੁੱਕਰਵਾਰ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ ਇਨ੍ਹਾਂ ਵਿੱਚੋਂ 5 ਮਾਨਾਂਵਾਲਾ ਤੇ 5 ਬਾਬਾ ਬਕਾਲਾ ਤੇ 2 ਹੋਰ ਸਬੰਧਤ ਹਨ। ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਏਡੀਸੀ ਨੇ ਦੱਸਿਆ ਜ਼ਿਲ੍ਹੇ ਵਿੱਚ ਹੁਣ ਤੱਕ 374 ਕੋਰੋਨਾ ਦੇ ਮਰੀਜ਼ ਸਨ, ਜਿੰਨਾਂ ਵਿੱਚੋਂ 307 ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। 7 ਵਿਅਕਤੀਆਂ ਦੀ ਮੌਤ ਹੋਈ ਹੈ ਤੇ 60 ਐਕਟਿਵ ਕੇਸ ਹਨ ਜੋ ਕਿ ਹਸਪਤਾਲ ਵਿੱਚ ਜੇੇਰੇ ਇਲਾਜ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ ਤੇ ਪ੍ਰਸ਼ਾਸਨ ਸਿਹਤ ਵਿਭਾਗ ਦੀਆਂ ਸਲਾਹਾਂ 'ਤੇ ਅਮਲ ਕਰਦਿਆਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਵਾਰ-ਵਾਰ ਹੱਥ ਸਾਫ਼ ਕੀਤੇ ਜਾਣ, ਮਾਸਕ ਪਾਇਆ ਜਾਵੇ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

ਹਿਮਾਂਸ਼ੂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਰੋਨਾ ਪੋਜ਼ੇਟਿਵ ਸੰਪਰਕ ਵਿੱਚ ਆਏ ਲੋਕਾਂ ਨੂੰ ਕੁਆਰੰਟੀਨ ਕਰਕੇ ਉਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਜਾਣ ਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨਾਂ ਇਲਾਕਿਆਂ ਵਿਚ ਕੋਰੋਨਾ ਦੇ ਕੇਸ ਪਾਏ ਜਾਂਦੇ ਹਨ, ਉਥੇ ਪੂਰੀ ਅਹਿਤਿਆਤ ਰੱਖੀ ਜਾਵੇ ਤੇ ਇਲਾਕੇ ਨੂੰ ਸੈਨੇਟਾਈਜ ਕਰਵਾਇਆ ਜਾਵੇ।

ਇਸ ਮੀਟਿੰਗ ਵਿੱਚ ਅੰਕੁਰਜੀਤ ਸਿੰਘ ਆਈਏਐੱਸ, ਸਰਤਾਜ ਸਿੰਘ ਚਾਹਲ, ਸੰਦੀਪ ਮਲਿਕ (ਦੋਵੇਂ ਏਡੀਸੀਪੀ), ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਜੁਗਲ ਕਿਸ਼ੋਰ ਸਿਵਲ ਸਰਜਨ, ਡਾ. ਮਦਨ ਮੋਹਨ, ਮੁਕੇਸ਼ ਸ਼ਰਮਾ ਜ਼ਿਲ੍ਹਾ ਮਾਲ ਅਫਸਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।