ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਕੁਝ ਕਿਸਾਨਾਂ ਵੱਲੋਂ ਖਾਦ ਦਾ ਭੰਡਾਰ ਕਰਨ ਸਬੰਧੀ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਪਰ ਜ਼ਿਲ੍ਹੇ ਅੰਦਰ ਯੂਰੀਆ ਖਾਦ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਵੱਖ-ਵੱਖ ਕੰਪਨੀਆਂ ਦੇ ਖਾਦ ਯੂਨਿਟਾਂ ਤੋਂ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ ਹੈ। ਇਸ ਲਈ ਕਿਸਾਨਾਂ ਨੂੰ ਚਿੰਤਤ ਹੋਣ ਦੀ ਜ਼ਰੂਰਤ ਨਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਦਿਆਲ ਸਿੰਘ ਬੱਲ, ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਨੇ ਕਿਹਾ ਵੇਖਣ 'ਚ ਆਇਆ ਹੈ ਕਿ ਕੁਝ ਕਿਸਾਨਾਂ ਨੇ ਇਨ੍ਹਾਂ ਅਫਵਾਹਾਂ 'ਚ ਆ ਕੇ ਖਾਦ ਦੀ ਸਟੋਰੇਜ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦ ਦੀ ਸਟੋਰੇਜ ਹਰਗਿਜ਼ ਨਾ ਕੀਤੀ ਜਾਵੇ ਸਿਰਫ ਲੋੜ ਅਨੁਸਾਰ ਹੀ ਖਾਦ ਦੀ ਖਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਜ਼ਿਲ੍ਹੇ ਅੰਦਰ ਯੂਰੀਆ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ-ਨਾਲ ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਖਾਦ ਦੇ ਨਾਲ ਕਿਸਾਨ ਦੀ ਮੰਗ ਤੋਂ ਬਿਨਾਂ ਕਿਸੇ ਵੀ ਕਿਸਮ ਦੀ ਦਵਾਈ ਜਬਰੀ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਜੇਕਰ ਕੋਈ ਖਾਦ ਵਿਕਰੇਤਾ ਕਿਸਾਨ ਵੀਰਾਂ ਨੂੰ ਬਲੈਕਮੇਲ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਖੇਤੀਬਾੜੀ ਵਿਭਾਗ ਨੂੰ ਦਿੱਤੀ ਜਾਵੇ। ਅਜਿਹੇ ਖਾਦ ਵਿਕਰੇਤਾਵਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਬੱਲ ਨੇ ਕਿਹਾ ਮਿਸ਼ਨ ਫ਼ਤਿਹ ਤਹਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਕੋਵਿਡ-19 ਮਹਾਮਾਰੀ ਤੋਂ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਡਾ. ਬੱਲ ਨੇ ਕਿਹਾ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਕਾਮਯਾਬ ਕੀਤਾ ਜਾ ਸਕਦਾ ਹੈ।