ਜਸਪਾਲ ਸਿੰਘ ਜੱਸੀ, ਤਰਨਤਾਰਨ : ਕੋਵਿਡ-19 ਮਹਾਂਮਾਰੀ ਵਿਚ ਵਾਧੇ ਅਤੇ ਇਸ ਮਹਾਂਮਾਰੀ ਦੀ ਸੰਭਾਵਿਤ ਦੂਜੀ ਲਹਿਰ ਦੇ ਮੁਕਾਬਲੇ ਲਈ ਵੱਧ ਤੋਂ ਵੱਧ ਸੈਂਪਲਿੰਗ ਮੈਡੀਕਲ ਮਾਹਰਾਂ ਵੱਲੋਂ ਕੀਤੀ ਜਾਵੇ। ਜਦੋਂਕਿ ਸ਼ੱਕੀ ਮਰੀਜਾਂ ਦੇ ਟੈਸਟਾਂ ਦੀ ਗਿਣਤੀ ਵੀ ਵਧਾਈ ਜਾਵੇ।

ਇਸੇ ਤਰ੍ਹਾਂ ਪਾਜ਼ੇਟਿਵ ਮਰੀਜ਼ਾਂ ਦੇ ਵੱਧ ਤੋਂ ਵੱਧ ਸੰਪਰਕਾਂ ਨੂੰ ਲੱਭ ਕੇ ਉਨ੍ਹਾਂ ਦੇ ਵੀ ਟੈਸਟ ਕਰਨੇ ਯਕੀਨੀ ਬਣਾਏ ਜਾਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਦਿੱਤੀਆਂ ਹਨ। ਉਹ ਮੰਗਲਵਾਰ ਨੂੰ ਜ਼ਿਲ੍ਹੇ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਟੈਸਟ ਹੋਣ ਨਾਲ ਹੀ ਅਸੀਂ ਪਾਜ਼ੇਟਿਵ ਵਿਅਕਤੀ ਨੂੰ ਕੁਆਰੰਟੀਨ ਕਰਕੇ ਮਹਾਂਮਾਰੀ ਦੀ ਚੇਨ ਨੂੰ ਤੋੜ ਕੇ ਇਸ ਵਿਸ਼ਵ ਪੱਧਰੀ ਮਹਾਮਾਰੀ ਨੂੰ ਸਮਾਜ 'ਚ ਫੈਲਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਬਿਲਕੁਲ ਮੁਫ਼ਤ ਹੁੰਦਾ ਹੈ। ਮੈਡੀਕਲ ਮਾਹਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਪਹਿਲਾਂ ਦੇ ਮੁਕਾਬਲੇ ਵਧੇਰੇ ਖਤਰਨਾਕ ਹੋ ਸਕਦੀ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮਹਾਂਮਾਰੀ ਤੋਂ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਲਾਜ਼ਮੀ ਤੌਰ 'ਤੇ ਮਾਸਕ ਪਾਇਆ ਜਾਵੇ। ਇਸੇ ਤਰ੍ਹਾਂ ਸਮਾਜਿਕ ਵਿੱਥ ਦੇ ਨਿਯਮਾਂ ਦੀ ਪਾਲਣ ਕੀਤੀ ਜਾਵੇ ਤੇ ਹੱਥਾਂ ਨੂੰ ਵਾਰ ਵਾਰ ਸਾਫ਼ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ੱਕ ਪੈਣ ਤੇ ਜਾਂ ਕਿਸੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਉਣ 'ਤੇ ਟੈਸਟ ਜ਼ਰੂਰ ਕਰਵਾਇਆ ਜਾਵੇ।

ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਰੋਜਾਨਾ 800 ਤੋਂ ਜਿਆਦਾ ਟੈਸਟ ਹੋ ਰਹੇ ਹਨ। ਸਰਦੀ ਦੇ ਮੌਸਮ ਅਤੇ ਮਹਾਂਮਾਰੀ ਦੇ ਪਸਾਰ ਦੇ ਮੱਦੇਨਜ਼ਰ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਜ਼ਿਆਦਾ ਸਾਵਧਾਨੀ ਰੱਖਣ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ 'ਤੇ ਕੋਵਿਡ-19 ਦੀ ਜਾਂਚ ਲਈ ਸੈਂਪਲਿੰਗ ਕੀਤੀ ਜਾਂਦੀ ਹੈ। ਕੀਤੀ।

ਇਸ ਮੌਕੇ ਸਾਰੇ ਐੱਸਐੱਮਓ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।