ਪੱਤਰ ਪ੍ਰਰੇਰਕ, ਤਰਨਤਾਰਨ : ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਕਿਸਾਨਾਂ ਤੇ ਲੋਕਾਂ ਨੇ ਪਿਛਲੇ ਸਮੇਂ ਤੋਂ ਸ਼ਾਂਤਮਈ ਸੰਘਰਸ਼ ਵਿੱਿਢਆ ਹੋਇਆ ਹੈ।

ਕਿਸਾਨ ਜਥੇਬੰਦੀਆਂ ਨੇ 26 ਤੇ 27 ਨਵੰਬਰ ਨੂੰ ਦਿੱਲੀ ਵੱਲ ਨੂੰ ਕੂਚ ਕਰਨ ਦਾ ਪ੍ਰਰੋਗਰਾਮ ਬਣਾਇਆ ਹੈ। ਪਰ ਦਿੱਲੀ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ ਸਰਹੱਦ ਉੱਪਰ ਰੋਕ ਕੇ ਉਨ੍ਹਾਂ ਉੱਤੇ ਪਾਣੀ ਦੀਆਂ ਬੁਛਾਰਾਂ ਕਰਨਾ ਅਤਿ ਨਿੰਦਣਯੋਗ ਹੈ। ਇਸ ਨਾਲ ਭਾਰਤੀ ਜਨਤਾ ਪਾਰਟੀ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਤਰਨਤਾਰਨ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡਾ. ਸੋਹਲ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਪ੍ਰਰਾਪਤੀ ਵਾਸਤੇ ਪਿਛਲੇ ਦੋ ਮਹੀਨੇ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਹਨ। ਸੰਵਿਧਾਨ ਮੁਤਾਬਕ ਹਰੇਕ ਭਾਰਤੀ ਨੂੰ ਆਪਣੇ ਵਿਚਾਰ ਰੱਖਣ ਤੇ ਸ਼ਾਂਤਮਈ ਅੰਦੋਲਨ ਕਰਨ ਦਾ ਅਧਿਕਾਰ ਹੈ। ਪਰ ਹਰਿਆਣਾ ਸਰਕਾਰ ਨੇ ਕਿਸਾਨਾਂ ਤੇ ਅਜਿਹਾ ਤਸ਼ੱਦਦ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ, ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਓਨੀ ਹੀ ਥੋੜ੍ਹੀ ਹੈ। ਡਾ. ਸੋਹਲ ਨੇ ਕਿਹਾ ਲੋਕਤੰਤਰ ਵਿਚ ਲੋਕਾਂ ਦੀ ਭਲਾਈ ਹੀ ਸਰਕਾਰ ਦਾ ਮੁੱਖ ਟੀਚਾ ਹੁੰਦੀ ਹੈ ਪਰ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ ਤੇ ਇਕ ਤਾਨਾਸ਼ਾਹੀ ਸ਼ਾਸਨ ਹੋਣ ਦਾ ਸਬੂਤ ਦਿੱਤਾ ਜਾ ਰਿਹਾ ਹੈ। ਡਾ. ਸੋਹਲ ਨੇ ਕਿਹਾ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਦੇਸ਼ ਦੀ ਕਿਸਾਨੀ ਨੂੰ ਬਚਾਉਣਾ ਚਾਹੀਦਾ ਹੈ ਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ।