ਜਸਪਾਲ ਸਿੰਘ ਜੱਸੀ, ਤਰਨਤਾਰਨ : ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਅੱਧਾ ਕਿੱਲੋ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਜਦਕਿ ਕਾਬੂ ਕੀਤਾ ਵਿਅਕਤੀ ਸਰਹੱਦੀ ਖੇਤਰ ਨਾਲ ਸਬੰਧਤ ਹੈ, ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਦੇ ਤਹਿਤ ਥਾਣਾ ਖਾਲੜਾ 'ਚ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

ਐੱਸਪੀ ਪੜਤਾਲ ਮਹਿਤਾਬ ਸਿੰਘ ਨੇ ਦੱਸਿਆ ਸੀਆਈਏ ਸਟਾਫ ਤਰਨਤਾਰਨ ਦੇ ਸਬ ਇੰਸਪੈਕਟਰ ਅਨੋਖ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸੁਰਸਿੰਘ ਦੇ ਇਲਾਕੇ 'ਚ ਗਸ਼ਤ 'ਤੇ ਸਨ। ਇਸੇ ਦੌਰਾਨ ਸਰਹੱਦੀ ਪਿੰਡ ਧੁੰਨ-ਖਾਲੜਾ ਮਾਰਗ 'ਤੇ ਇਕ ਵਿਅਕਤੀ ਨੂੰ ਰੋਕ ਕੇ ਡੀਐੱਸਪੀ ਪੜਤਾਲ ਕਮਲਜੀਤ ਸਿੰਘ ਅੌਲਖ ਦੀ ਮੌਜੂਦਗੀ 'ਚ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਜੱਗਾ ਵਾਸੀ ਧੁੰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।