ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ, ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਮਲਕੀਤ ਸਿੰਘ ਨੂੰ ਪੰਥ ਤੋਂ ਛੇਕਿਆ; ਉਮਰਭਰ ਸਿੱਖ ਸੰਸਥਾਵਾਂ 'ਚ ਕੰਮ ਕਰਨ 'ਤੇ ਰੋਕ Sri Akal Takht Sahib ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਨੇ ਸ਼ਮੂਲੀਅਤ ਕੀਤੀ।
Publish Date: Sun, 20 Sep 2026 01:03 PM (IST)
Updated Date: Sun, 20 Sep 2026 01:25 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਵਿਖੇ ਹੋਈ, ਜਿਸ ਵਿਚ ਵਿਚਾਰ-ਵਟਾਂਦਰੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਪੰਥ 'ਚੋਂ ਖਾਰਜ ਕਰ ਦਿੱਤਾ ਗਿਆ ਹੈ।
ਇਸ ਇਕੱਤਰਤਾ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਨੇ ਸ਼ਮੂਲੀਅਤ ਕੀਤੀ।
ਜਥੇਦਾਰ ਗੜਗੱਜ ਨੇ ਕਿਹਾ- ਮਾੜੇ ਕਿਰਦਾਰਾਂ ਦੇ ਵਿਅਕਤੀਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾੜੇ ਕਿਰਦਾਰਾਂ ਦੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ । ਉਨ੍ਹਾਂ ਕਿਹਾ ਕੀ ਫਿਰ ਵੀ ਜਿਹੜੇ ਵਿਅਕਤੀ ਮਾੜੇ ਕਿਰਦਾਰ ਦੇ ਹਨ ਉਹ ਆਪਣੇ ਆਪ ਹੀ ਸੰਸਥਾ ਨੂੰ ਛੱਡ ਦੇਣ ਨਹੀਂ ਤਾਂ ਪੰਥ ਸਖ਼ਤ ਕਾਰਵਾਈ ਕਰੇਗਾ ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਿਉਂ ਲਿਆ ਗਿਆ ਇਹ ਫੈਸਲਾ ? ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪਿਛਲੇ ਦਿਨੀਂ ਇੱਕ ਬੀਬੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਵਿਰੁੱਧ ਬਹੁਤ ਗੰਭੀਰ ਦੋਸ਼ ਲਗਾਏ ਹਨ। ਅਮਰਜੀਤ ਸਿੰਘ ਸਿੱਖ ਸੰਸਥਾ ਦੀ ਨੁਮਾਇੰਦਗੀ ਕਰਦਾ ਹੋਣ ਕਰਕੇ, ਇਸ ਉਪਰ ਇਸ ਤਰ੍ਹਾਂ ਦੇ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਅ ਲੱਗੀ ਹੈ। ਪੰਥ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ ਮੁਤਾਬਕ ਚਾਰ ਬਜਰ ਕੁਰਹਿਤਾਂ ਵਿੱਚੋਂ ਕੋਈ ਇੱਕ ਵੀ ਕੁਰਹਿਤ ਕਰਨ ਵਾਲਾ ਸਿੱਖੀ ਵਿੱਚੋਂ ਖਾਰਜ ਹੋ ਜਾਂਦਾ ਹੈ।
ਅਮਰਜੀਤ ਸਿੰਘ ਉੱਤੇ ਬਜਰ ਕੁਰਹਿਤ ਕਰਨ ਦੇ ਗੰਭੀਰ ਦੋਸ਼ ਲੱਗੇ ਹਨ, ਇਸ ਕਰਕੇ ਪੰਜ ਸਿੰਘ ਸਾਹਿਬਾਨ ਦੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿੱਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦਾ ਉਦੋਂ ਤੱਕ ਖ਼ਾਲਸਾ ਪੰਥ ਵਿੱਚੋਂ ਖਾਰਜ ਕੀਤਾ ਜਾਂਦਾ ਹੈ। ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਅਮਰਜੀਤ ਸਿੰਘ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਅਮਰਜੀਤ ਸਿੰਘ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਜਾਂਦੀ ਹੈ।