ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ 'ਤੇ ਪੁਲਿਸ ਦਾ ਸ਼ਿਕੰਜਾ: 3 ਤਸਕਰ ਕਾਬੂ; ਇਲਾਕੇ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸੀ ਫ਼ਿਰਾਕ
ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਮਨੀ, ਜੋ ਅੰਮ੍ਰਿਤਸਰ ਦੇ ਬਾਗਵਾਨਪੁਰ ਦਾ ਵਾਸੀ ਹੈ; ਸਹਿਜਪਾਲ ਸਿੰਘ, ਜੋ ਅੰਮ੍ਰਿਤਸਰ ਦੇ ਪਿੰਡ ਵਿਛੋਆ ਦਾ ਵਸਨੀਕ ਹੈ ਅਤੇ ਦਿਲਜਨਪ੍ਰੀਤ ਸਿੰਘ ਜੋ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਦਾ ਵਾਸੀ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐੱਮਐੱਮ ਪਿਸਤੌਲ ਅਤੇ ਇਕ .30 ਬੋਰ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ।
Publish Date: Sun, 25 Jan 2026 10:20 AM (IST)
Updated Date: Sun, 25 Jan 2026 10:22 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਮਨੀ, ਜੋ ਅੰਮ੍ਰਿਤਸਰ ਦੇ ਬਾਗਵਾਨਪੁਰ ਦਾ ਵਾਸੀ ਹੈ; ਸਹਿਜਪਾਲ ਸਿੰਘ, ਜੋ ਅੰਮ੍ਰਿਤਸਰ ਦੇ ਪਿੰਡ ਵਿਛੋਆ ਦਾ ਵਸਨੀਕ ਹੈ ਅਤੇ ਦਿਲਜਨਪ੍ਰੀਤ ਸਿੰਘ ਜੋ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਦਾ ਵਾਸੀ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐੱਮਐੱਮ ਪਿਸਤੌਲ ਅਤੇ ਇਕ .30 ਬੋਰ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਕਥਿਤ ਤੌਰ ’ਤੇ ਗੰਭੀਰ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਉਲੀਕ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲੋੜੀਂਦੇ ਅਪਰਾਧੀ ਮਨੀ ਅਤੇ ਉਸ ਦੇ ਸਾਥੀਆਂ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਅਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਉਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ , ਜਿਸ ’ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਉਦੋਂ ਘੇਰ ਲਿਆ ਜਦੋਂ ਉਹ ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ’ਤੇ ਪਿੰਡ ਮੁਰਾਦਪੁਰਾ ਵੱਲ ਜਾ ਰਹੇ ਸਨ।
ਮੁਲਜ਼ਮ ਮਨੀ, ਅਕਤੂਬਰ 2025 ਵਿੱਚ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਤੋਂ ਬਾਅਦ ਦਰਜ ਕੀਤੇ ਗਏ ਅਸਲਾ ਐਕਟ ਦੇ ਮਾਮਲੇ ਵਿੱਚ ਵੀ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ। ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।