ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸਿੱਖ ਇਤਿਹਾਸ ਦੇ ਪੰਨਿਆਂ 'ਚ ਵਿਲੱਖਣ ਸਥਾਨ ਰੱਖਦੇ ਮਹਾਨ ਸਿੰਘਾਂ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਬੰਧੀ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੇ ਭੋਗ ਸੋਮਵਾਰ ਸਵੇਰੇ ਪਾਏ ਗਏ।

ਇਸ ਉਪਰੰਤ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਭਾਈ ਜਰਨੈਲ ਸਿੰਘ ਕੋਹਾੜਕਾ ਨੇ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਨ੍ਹਾਂ ਧਾਰਮਿਕ ਸਮਾਗਮਾਂ 'ਚ ਇਲਾਕੇ ਦੀ ਸੰਗਤ ਨੇ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਮਾਸਕ ਪਾ ਕੇ ਹਾਜ਼ਰੀਆਂ ਲਗਵਾਈਆਂ। ਇਸ ਮੌਕੇ ਹੈੱਡ ਗ੍ੰਥੀ ਬਲਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਤੇ ਕੋਰੋਨਾ ਮਹਾਮਾਰੀ ਤੋਂ ਲੋਕਾਂ ਦੇ ਬਚਾਅ ਲਈ ਅਰਦਾਸ ਕੀਤੀ। ਇਸ ਮੌਕੇ ਪੁੱਜਣ ਵਾਲੀਆਂ ਸੰਗਤਾਂ ਦੇ ਹੱਥਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਤੇ ਹੋਰ ਸੇਵਾਦਾਰਾਂ ਵੱਲੋਂ ਸੈਨੇਟਾਈਜ਼ ਕੀਤਾ ਗਿਆ।

ਇਨ੍ਹਾਂ ਧਾਰਮਿਕ ਸਮਾਗਮਾਂ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੂੰ ਫੁੱਲਾਂ ਦੀਆਂ ਲੜੀਆਂ ਨਾਲ ਬੜੇ ਸੁੰਦਰ ਤਰੀਕੇ ਨਾਲ ਸਜਾਇਆ ਗਿਆ। ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਸਮਾਗਮ ਹੋਏ ਜਿਨ੍ਹਾਂ 'ਚ ਢਾਡੀ ਤੇ ਕਵੀਸ਼ਰੀ ਜੱਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੇ ਧਾਰਮਿਕ ਸਮਾਗਮ 'ਤੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ, ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਅਵਤਾਰ ਸਿੰਘ ਵਣਵਾਲਾ, ਜੱਥੇਦਾਰ ਹੀਰਾ ਸਿੰਘ ਚੜੇਵਾਨ, ਜੱਥੇਦਾਰ ਨਵਤੇਜ ਸਿੰਘ ਕਾਉਣੀ, ਸਰੂਪ ਸਿੰਘ ਨੰਦਗੜ੍ਹ, ਅਕਾਲੀ ਆਗੂ ਮਨਜਿੰਦਰ ਸਿੰਘ ਬਿੱਟੂ, ਸਾਬਕਾ ਪ੍ਰਧਾਨ ਨਗਰ ਕੌਂਸਲ ਹਰਪਾਲ ਸਿੰਘ ਬੇਦੀ ਆਦਿ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮ, ਸੇਵਾਦਾਰ ਤੇ ਸੰਗਤ ਹਾਜ਼ਰ ਸੀ।