ਜੰਡਿਆਲਾ ਗੁਰੂ ’ਚ ‘ਯੁੱਧ ਨਸ਼ਿਆਂ ਵਿਰੁੱਧ’ ਫੇਜ਼-2 ਤਹਿਤ ਹੋਈ ਮੀਟਿੰਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ
Publish Date: Thu, 17 Sep 2026 04:17 PM (IST)
Updated Date: Thu, 17 Sep 2026 04:20 PM (IST)
ਈਟੀਓ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਵਾਮ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ। ਲੋਕ ਨਿਰਮਾਣ ਮੰਤਰੀ ਜੰਡਿਆਲਾ ਗੁਰੂ ਦੇ ਓਲੀਵ ਗਾਰਡਨ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਫੇਜ਼-2 ਤਹਿਤ ਹਲਕੇ ਦੇ ਸਰਪੰਚਾਂ, ਪੰਚਾਂ, ਚੇਅਰਮੈਨਾਂ, ਕੌਂਸਲਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਪ੍ਰਧਾਨਾਂ, ਬਲਾਕ ਸੰਮਤੀ ਮੈਂਬਰਾਂ, ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ ਅਤੇ ਇਸ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਵੀ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਅਤੇ ਪੁਨਰਵਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਤਸਕਰੀ ਜਾਂ ਇਸ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪ੍ਰਸ਼ਾਸਨ ਅਤੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ, ਪੰਚਾਇਤੀ ਨੁਮਾਇੰਦੇ, ਕੌਂਸਲਰ, ਸਮਾਜਿਕ ਸੰਸਥਾਵਾਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਸਮੂਹ ਪੰਚਾਇਤੀ ਅਤੇ ਸਥਾਨਕ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਲੋਕ ਲਹਿਰ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ।