Missing Saroops Case : ਐੱਸਆਈਟੀ ਨੇ 40 ਐੱਸਜੀਪੀਸੀ ਅਧਿਕਾਰੀਆਂ ਨੂੰ ਭੇਜੇ ਸੰਮਨ, ਜਥੇਦਾਰ ਰਘਬੀਰ ਸਿੰਘ ਨੇ ਕਿਹਾ- ਜਾਂਚ ਦੇ ਨਾਂ ’ਤੇ ਕਿਸੇ ਵੀ ਕਰਮਚਾਰੀ ਦਾ ਸਰੀਰਕ ਤੇ ਮਾਨਸਿਕ ਤਸ਼ੱਦਦ ਬਰਦਾਸ਼ਤ ਨਹੀਂ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।
Publish Date: Sat, 31 Jan 2026 06:51 PM (IST)
Updated Date: Sat, 31 Jan 2026 06:55 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਕਾਰਵਾਈ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਾਂਚ ਦੇ ਨਾਂ ’ਤੇ ਅਧਿਕਾਰੀਆਂ ਦੇ ਕਥਿਤ ਮਾਨਸਿਕ ਤਸ਼ੱਦਦ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਅਤੇ ਹੋਰ ਸਰੋਤਾਂ ਰਾਹੀਂ ਜਾਣਕਾਰੀ ਮਿਲੀ ਹੈ ਕਿ ਐੱਸਆਈਟੀ ਨੇ 40 ਲੋਕਾਂ ਨੂੰ ਉਨ੍ਹਾਂ ਦੇ ਬਿਆਨ ਦਰਜ ਕਰਨ ਲਈ ਦੁਬਾਰਾ ਬੁਲਾਇਆ ਹੈ, ਹਾਲਾਂਕਿ ਡਾ. ਈਸ਼ਰ ਸਿੰਘ ਦੀ ਰਿਪੋਰਟ ਦੌਰਾਨ ਸਬੰਧਤ ਵਿਅਕਤੀਆਂ ਦੇ ਬਿਆਨ ਪਹਿਲਾਂ ਹੀ ਦਰਜ ਕੀਤੇ ਜਾ ਚੁੱਕੇ ਸਨ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਲਈ ਜਾਂਚ ਹੋਣੀ ਚਾਹੀਦੀ ਹੈ, ਪਰ ਜਾਂਚ ਦੇ ਨਾਂ ’ਤੇ ਕਿਸੇ ਵੀ ਕਰਮਚਾਰੀ ਦਾ ਸਰੀਰਕ ਜਾਂ ਮਾਨਸਿਕ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ।