ਵਿਧਾਇਕ ਨਿੱਜਰ ਵੱਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਉਣ ਵਾਲੀ ਟੀਮ ਦਾ ਸਨਮਾਨ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : 30 ਅਗਸਤ ਨੂੰ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਅੰਮ੍ਰਿਤਸਰ ਵਿਖੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਲਗਾਏ ਗਏ ਮੈਗਾ ਮੈਡੀਕਲ ਕੈਂਪ ਲਈ ਸਹਿਯੋਗ ਦੇਣ ਵਾਲੇ
Publish Date: Tue, 01 Sep 2026 06:07 PM (IST)
Updated Date: Tue, 01 Sep 2026 06:10 PM (IST)
ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : 30 ਅਗਸਤ ਨੂੰ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਅੰਮ੍ਰਿਤਸਰ ਵਿਖੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਲਗਾਏ ਗਏ ਮੈਗਾ ਮੈਡੀਕਲ ਕੈਂਪ ਲਈ ਸਹਿਯੋਗ ਦੇਣ ਵਾਲੇ ਸਮਾਜ ਸੇਵੀਆਂ ਅਤੇ ਮੈਡੀਕਲ ਟੀਮ ਨੂੰ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਿਲਾਸ ਫਾਊਂਡੇਸ਼ਨ ਤੋਂ ਡਾ. ਗੁਰਬਿਲਾਸ ਪੀ. ਸਿੰਘ, ਤੇਰਾ ਹੀ ਤੇਰਾ ਮਿਸ਼ਨ ਹਸਪਤਾਲ ਤੋਂ ਡਾ. ਟੀਪੀ ਸਿੰਘ ਸਮੇਤ ਸਮੁੱਚੀ ਮੈਡੀਕਲ ਟੀਮ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਦੇ ਪ੍ਰਧਾਨ ਦੀਪ ਸਿੰਘ ਕੰਬੋਜ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ, ਚੰਡੀਗੜ੍ਹ’ ਅਤੇ ‘ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ’ ਦੇ ਸਾਂਝੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਨੂੰ ਵੱਖ-ਵੱਖ ਸਿਹਤ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ। ਇਨ੍ਹਾਂ ਵਿੱਚ ਫਿਬਰੋ ਸਕੈਨ, ਹੱਡੀਆਂ ਦੀ ਜਾਂਚ, ਬਲੱਡ ਪ੍ਰੈਸ਼ਰ ਦੀ ਜਾਂਚ, ਮੈਮੋਗ੍ਰਾਫੀ ਅਤੇ ਨਿਊਰੋ ਸਕੈਨ ਸਮੇਤ ਹੋਰ ਲੋੜੀਂਦੇ ਟੈਸਟ ਕੀਤੇ ਗਏ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਡਾ. ਨਿੱਜਰ ਨੇ ਕਿਹਾ ਕਿ ਸਮਾਜ ਦੇ ਲੋੜਵੰਦ ਵਰਗਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਮੈਡੀਕਲ ਕੈਂਪ ਨੂੰ ਸਫਲ ਬਣਾਉਣ ਲਈ ਬਿਲਾਸ ਫਾਊਂਡੇਸ਼ਨ, ਤੇਰਾ ਹੀ ਤੇਰਾ ਮਿਸ਼ਨ ਹਸਪਤਾਲ, ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਅਤੇ ਸਮੁੱਚੀ ਮੈਡੀਕਲ ਟੀਮ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਦੇ ਹਨ, ਸਗੋਂ ਸਮਾਜ ਵਿੱਚ ਸੇਵਾ ਅਤੇ ਸਹਿਯੋਗ ਦੀ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਫਾਊਂਡੇਸ਼ਨ ਵੱਲੋਂ ਡਾ. ਸੁਖਦੇਵ ਸਿੰਘ ਬਿੱਟੂ, ਜਨਰਲ ਸਕੱਤਰ; ਕੰਵਰ ਜਗਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ; ਪਰਮਜੀਤ ਸਿੰਘ ਕੋਲਡ ਸਟੋਰ ਵਾਲੇ, ਮੀਤ ਪ੍ਰਧਾਨ; ਕੁਲਜੀਤ ਸਿੰਘ, ਦਫ਼ਤਰ ਸਕੱਤਰ; ਪਰਮਜੀਤ ਸਿੰਘ ਬਿੱਲਾ ਮਹੰਤ; ਜਸਵਿੰਦਰ ਸਿੰਘ ਰੰਦੇ ਵਾਲੇ; ਧਿਆਨ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।