ਵਿਧਾਇਕ ਟੌਂਗ ਵੱਲੋਂ ਨਗਰ ਪੰਚਾਇਤ ਵਿਖੇ ਸਫ਼ਾਈ ਮੁਹਿੰਮ ਦੀ ਅਗਵਾਈ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਚਲਾਏ ਜਾ ਰਹੇ
Publish Date: Tue, 01 Sep 2026 04:13 PM (IST)
Updated Date: Tue, 01 Sep 2026 04:16 PM (IST)
ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਕੀਤੀ ਅਪੀਲ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਚਲਾਏ ਜਾ ਰਹੇ ਵਿਸ਼ੇਸ਼ ਸਫਾਈ ਅਭਿਆਨ ਤਹਿਤ ਅੱਜ ਨਗਰ ਪੰਚਾਇਤ ਰਈਆ ਦੀਆਂ ਵਾਰਡ ਨੰਬਰ 8 ਅਤੇ 9 ਵਿਚ ਕੂੜਾ ਚੁੱਕਣ ਦੀ ਵਿਸ਼ੇਸ਼ ਮੁਹਿੰਮ ਦੀ ਅਗਵਾਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਕੀਤੀ ਗਈ। ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਫਾਈ ਅਭਿਆਨ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹੈ ਤੇ ਸਾਨੂੰ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਖੇਤਰਾਂ ਦੀ ਸਫਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਿਤ ਸਥਾਨਾਂ ’ਤੇ ਹੀ ਸੁੱਟਣ ਤੇ ਸਫਾਈ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ। ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ ਨੇ ਕਿਹਾ ਨਗਰ ਪੰਚਾਇਤ ਵੱਲੋਂ ‘ਕਲੀਨ ਸਿਟੀ, ਗ੍ਰੀਨ ਸਿਟੀ’ ਦੇ ਸੰਕਲਪ ਤਹਿਤ ਰਈਆ ਨੂੰ ਇਕ ਸਾਫ਼-ਸੁਥਰਾ ਤੇ ਮਿਸਾਲੀ ਸ਼ਹਿਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਆਉਣ ਵਾਲੇ ਦਿਨਾਂ ਵਿੱਚ ਰਈਆ ਦੇ ਵੱਖ-ਵੱਖ ਸਥਾਨਾਂ ’ਤੇ ਵੱਡੇ ਪੱਧਰ ’ਤੇ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ, ਜਿਸ ਨਾਲ ਸ਼ਹਿਰ ਨੂੰ ਹੋਰ ਹਰਿਆ-ਭਰਿਆ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਸਫਾਈ ਅਤੇ ਵਾਤਾਵਰਨ ਦੀ ਸੰਭਾਲ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨਗਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਪੰਚਾਇਤ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਹਿਯੋਗ ਦੇਣ ਤੇ ਰਈਆ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਵਾਈਸ ਚੇਅਰਮੈਨ ਸੂਬੇਦਾਰ ਸਰਬਜੀਤ ਸਿੰਘ (ਮੀਤ ਪ੍ਰਧਾਨ), ਸਰਬਜੀਤ ਸਿੰਘ ਮਾਨ, ਸੁਰਿੰਦਰ ਕੁਮਾਰ, ਜਗਤਾਰ ਸਿੰਘ ਬਿੱਲਾ, ਸੁਖਦੇਵ ਸਿੰਘ ਪੱਡਾ, ਕੋਂਸਲਰ ਡਾ. ਰਾਜਿੰਦਰ ਰਿਖੀ, ਗਗਨ ਸ਼ਰਮਾ (ਸਾਰੇ ਕੌਂਸਲਰ), ਬਚਿੱਤਰ ਸਿੰਘ (ਜਨਰਲ ਇੰਸਪੈਕਟਰ), ਧਰੁਵ ਰਿਖੀ, ਅਸ਼ਵਨੀ ਕੁਮਾਰ (ਪ੍ਰਧਾਨ), ਮਿੰਟੂ ਸਮੇਤ ਹੋਰ ਪਤਵੰਤੇ ਅਤੇ ਨਗਰ ਪੰਚਾਇਤ ਦੇ ਕਰਮਚਾਰੀ ਮੌਜੂਦ ਸਨ।