ਉਨ੍ਹਾਂ ਕਿਹਾ ਕਿ ਜੇ ਸੜਕਾਂ ਅਤੇ ਬੁਨਿਆਦੀ ਢਾਂਚਾ ਬਿਹਤਰ ਹੋਵੇਗਾ ਤਾਂ ਵਪਾਰ, ਸੈਰ-ਸਪਾਟੇ ਅਤੇ ਸਥਾਨਕ ਰੋਜ਼ਗਾਰ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ। ਔਜਲਾ ਨੇ ਉਮੀਦ ਜਤਾਈ ਕਿ ਇਸ ਮਾਮਲੇ ਵਿੱਚ ਕਿਸਾਨਾਂ, ਪਿੰਡਾਂ ਅਤੇ ਸੰਬੰਧਿਤ ਜਥੇਬੰਦੀਆਂ ਨਾਲ ਸਕਾਰਾਤਮਕ ਗੱਲਬਾਤ ਰਾਹੀਂ ਹੱਲ ਕੱਢਿਆ ਜਾ ਸਕਦਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼ਹਿਰ ਦੇ ਵਿਕਾਸ, ਵਾਤਾਵਰਣ ਸੁਰੱਖਿਆ ਅਤੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਅੰਮ੍ਰਿਤਸਰ ਵਿਚ ਵੱਧ ਰਹੇ ਪ੍ਰਦੂਸ਼ਣ, ਗੰਦੇ ਨਾਲਿਆਂ, ਕੂੜਾ ਪ੍ਰਬੰਧਨ, ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਰੁਕੇ ਹੋਏ ਹਾਈਵੇ ਪ੍ਰੋਜੈਕਟਾਂ ਵਰਗੇ ਅਹਿਮ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਦੇਸ਼ ਅਤੇ ਦੁਨੀਆ ਦੀ ਆਸਥਾ ਦਾ ਕੇਂਦਰ ਹੈ। ਇੱਥੇ ਹਰ ਰੋਜ਼ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ, ਇਸ ਲਈ ਸ਼ਹਿਰ ਦੀ ਪਵਿੱਤਰਤਾ, ਸਫ਼ਾਈ ਅਤੇ ਬਿਹਤਰ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਔਜਲਾ ਨੇ ਖਾਸ ਤੌਰ ’ਤੇ ਸ਼ਹਿਰ ਵਿੱਚੋਂ ਹਲਕਾ ਦੱਖਣੀ ਵਿੱਚੋਂ ਲੰਘਦੇ ਗੰਦੇ ਨਾਲਿਆਂ ਅਤੇ ਡਰੇਨਾਂ ਕਾਰਨ ਫੈਲ ਰਹੇ ਪ੍ਰਦੂਸ਼ਣ ’ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੰਦੇ ਨਾਲਿਆਂ ਅਤੇ ਡੰਪਿੰਗ ਗਰਾਊਂਡ ਕਾਰਨ ਵਾਤਾਵਰਣ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਵੀ ਗੰਭੀਰ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧਦੇ ਸ਼ਹਿਰੀਕਰਨ ਅਤੇ ਲਗਾਤਾਰ ਘੱਟ ਰਹੀ ਜ਼ਮੀਨ ਕਾਰਨ ਵਾਤਾਵਰਣਕ ਸੰਤੁਲਨ ਵਿਗੜਦਾ ਜਾ ਰਿਹਾ ਹੈ, ਜਿਸ ਨੂੰ ਸਮੇਂ ਸਿਰ ਸੰਭਾਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਦਰੱਖਤਾਂ ਦੀ ਲਗਾਤਾਰ ਕਟਾਈ ਵੀ ਚਿੰਤਾ ਦਾ ਵਿਸ਼ਾ ਹੈ। ਅੰਮ੍ਰਿਤਸਰ ਦੀ ਇਤਿਹਾਸਕ ਅਤੇ ਧਾਰਮਿਕ ਪਛਾਣ ਨੂੰ ਬਰਕਰਾਰ ਰੱਖਣ ਲਈ ਵਾਤਾਵਰਣ ਸੁਰੱਖਿਆ ਨੂੰ ਪਹਿਲ ਦੇਣੀ ਲਾਜ਼ਮੀ ਹੈ। ਇਸ ਲਈ ਪ੍ਰਸ਼ਾਸਨ, ਸਰਕਾਰ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਸੰਸਦ ਮੈਂਬਰ ਔਜਲਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਨਾਲ ਜੁੜੇ ਮਹੱਤਵਪੂਰਨ ਹਾਈਵੇ ਅਤੇ ਐਕਸਪ੍ਰੈਸ-ਵੇ ਪ੍ਰੋਜੈਕਟ, ਜੋ ਲੰਬੇ ਸਮੇਂ ਤੋਂ ਰੁਕੇ ਹੋਏ ਹਨ, ਉਨ੍ਹਾਂ ਨੂੰ ਜਲਦ ਸ਼ੁਰੂ ਕਰਵਾਉਣ ਲਈ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਵਿਕਾਸ ਲਈ ਹੀ ਨਹੀਂ, ਸਗੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਧਾਰਮਿਕ ਸਥਾਨਾਂ ‘ਤੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਜੇ ਸੜਕਾਂ ਅਤੇ ਬੁਨਿਆਦੀ ਢਾਂਚਾ ਬਿਹਤਰ ਹੋਵੇਗਾ ਤਾਂ ਵਪਾਰ, ਸੈਰ-ਸਪਾਟੇ ਅਤੇ ਸਥਾਨਕ ਰੋਜ਼ਗਾਰ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ। ਔਜਲਾ ਨੇ ਉਮੀਦ ਜਤਾਈ ਕਿ ਇਸ ਮਾਮਲੇ ਵਿੱਚ ਕਿਸਾਨਾਂ, ਪਿੰਡਾਂ ਅਤੇ ਸੰਬੰਧਿਤ ਜਥੇਬੰਦੀਆਂ ਨਾਲ ਸਕਾਰਾਤਮਕ ਗੱਲਬਾਤ ਰਾਹੀਂ ਹੱਲ ਕੱਢਿਆ ਜਾ ਸਕਦਾ ਹੈ। ਧਾਰਮਿਕ ਮਰਿਆਦਾ ਅਤੇ ਸ਼ਹਿਰ ਦੀ ਸੱਭਿਆਚਾਰਕ ਪਛਾਣ ਬਾਰੇ ਗੱਲ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰਤਾ ਅਤੇ ਭਾਈਚਾਰੇ ਦੇ ਸਰੂਪ ਨੂੰ ਕਾਇਮ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨਾਲ ਜੁੜੇ ਮਸਲਿਆਂ ‘ਤੇ ਬੁੱਧੀਜੀਵੀਆਂ ਅਤੇ ਧਾਰਮਿਕ ਵਿਦਵਾਨਾਂ ਦੀ ਸਲਾਹ ਨਾਲ ਅੱਗੇ ਵਧਿਆ ਜਾਵੇਗਾ, ਤਾਂ ਜੋ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਅਤੇ ਆਪਸੀ ਸਾਂਝ ਬਣੀ ਰਹੇ। ਇੱਕ ਵਿਸ਼ੇਸ਼ ਧਾਰਮਿਕ ਇਕੱਠ ਬਾਰੇ ਪੁੱਛੇ ਗਏ ਸਵਾਲ ‘ਤੇ ਔਜਲਾ ਨੇ ਸਪੱਸ਼ਟ ਕੀਤਾ ਕਿ ਉਸ ਵਿੱਚ ਉਨ੍ਹਾਂ ਦੀ ਕੋਈ ਸਿੱਧੀ ਭੂਮਿਕਾ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਅਧਿਕਾਰਿਕ ਸੱਦਾ ਮਿਿਲਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਮੁਲਾਕਾਤ ਸਿਰਫ਼ ਸ਼ਹਿਰ ਦੇ ਵਿਕਾਸ, ਵਾਤਾਵਰਣ ਅਤੇ ਆਮ ਲੋਕਾਂ ਨਾਲ ਜੁੜੇ ਮਸਲਿਆਂ ‘ਤੇ ਚਰਚਾ ਕਰਨ ਦੇ ਮਕਸਦ ਨਾਲ ਸੀ।