ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਖ਼ਾਲਸਾਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ ’ਚ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਇਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਏ ਇਸ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਕੋਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਵੱਡੀ ਗਿਣਤੀ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ, ਦਲਜੀਤ ਸਿੰਘ ਭਿੰਡਰ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਪ੍ਰਿੰਸੀਪਲ ਸੁਰਿੰਦਰ ਸਿੰਘ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਇੰਦਰਜੀਤ ਸਿੰਘ ਅਰੋੜਾ, ਪ੍ਰਿਤਪਾਲ ਸਿੰਘ ਗੰਡਾ, ਜਸਵੀਰ ਸਿੰਘ ਅਰੋੜਾ, ਸ਼ੈਲੀ ਅਰੋੜਾ, ਗੁਰਮੀਤ ਸਿੰਘ ਬੁੱਟਰ, ਓਐੱਸਡੀ ਡਾ. ਸੁਖਬੀਰ ਸਿੰਘ, ਤਲਵਿੰਦਰ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਸੰਗਤ ਨੇ ਕੀਤੀ ਫੁੱਲਾਂ ਦੀ ਵਰਖਾ

ਨਗਰ ਕੀਰਤਨ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਜਿਥੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ, ਉਥੇ ਹੀ ਵੱਖ-ਵੱਖ ਗਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵੀ ਵਿਖਾਏ। ਸੰਪਰਦਾ ਬਾਬਾ ਬਿਧੀ ਚੰਦ ਵੱਲੋਂ ਨਗਰ ਕੀਰਤਨ ਦੇ ਅੱਗੇ ਹਾਥੀ ’ਤੇ ਨਗਾਰਚੀ ਸਿੰਘ ਨਗਾਰਾ ਵਜਾ ਰਿਹਾ ਸੀ।

ਵੱਡੀ ਗਿਣਤੀ ਵਿਚ ਬੈਂਡ ਪਾਰਟੀਆਂ ਨੇ ਵੀ ਸ਼ਮੂਲੀਅਤ ਕਰਕੇ ਮਧੁਰ ਧੁੰਨਾ ਰਾਹੀਂ ਮਾਹੌਲ ਨੂੰ ਖੂਬਸੂਰਤ ਬਣਾਇਆ। ਗੁਰਦੁਆਰਾ ਭਗਤ ਰਵਿਦਾਸ ਚੌਕ ਵਿਖੇ ਪਹੁੰਚਣ ’ਤੇ ਵਪਾਰ ਮੰਡਲ ਵਲੋਂ ਵੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।

Posted By: Jagjit Singh