ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਹਲਕਾ ਪੱਛਮੀ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਰਕਾਰ ਨਾਲ 50 ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਨਿਕਲਣ ਕਾਰਨ ਰੋਸ ਵਿਚ ਆਏ ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ
Publish Date: Thu, 01 Oct 2026 06:06 PM (IST)
Updated Date: Thu, 01 Oct 2026 06:09 PM (IST)
ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਰਕਾਰ ਨਾਲ 50 ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਨਿਕਲਣ ਕਾਰਨ ਰੋਸ ਵਿਚ ਆਏ ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਬੁਲਾਰੇ ਅਤੇ ਜਿਲ੍ਹਾ ਸਿਵਲ ਸਰਜਨ ਦਫਤਰ ਦੇ ਸਿਹਤ ਕਾਮੇ ਗੌਰਵ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਹਲਕਾ ਵਿਧਾਇਕ ਨੂੰ ਸੌਂਪਿਆ ਗਿਆ ਅਤੇ ਸਰਕਾਰ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਦੀ ਆਵਾਜ਼ ਪਹੁੰਚਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਐਨਐਚਐਮ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਕੋਵਿਡ-19 ਮਹਾਂਮਾਰੀ ਸਮੇਤ ਵੱਖ-ਵੱਖ ਸਿਹਤ ਮੁਹਿੰਮਾਂ ਅਤੇ ਸਰਕਾਰੀ ਸਿਹਤ ਪ੍ਰੋਗਰਾਮਾਂ ਦੌਰਾਨ ਐਨਐਚਐਮ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈਆਂ ਹਨ। ਇਸ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਹੁਣ ਤੱਕ 53 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਐਨਐਚਐਮ ਮੁਲਾਜ਼ਮਾਂ ਦੀ ਇੱਕ ਵੀ ਮੁੱਖ ਮੰਗ ਨੂੰ ਸਰਕਾਰ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਮੰਗਾਂ ਦੇ ਸਥਾਈ ਅਤੇ ਸਾਰਥਕ ਹੱਲ ਲਈ ਕੋਈ ਠੋਸ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਮੀਟਿੰਗਾਂ ਦੌਰਾਨ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ ਜ਼ਮੀਨੀ ਪੱਧਰ ’ਤੇ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਕੋਈ ਸਾਰਥਕ ਪਹਿਲਕਦਮੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਵਿੱਤ ਮੰਤਰੀ ਪੰਜਾਬ, ਸਿਹਤ ਮੰਤਰੀ ਪੰਜਾਬ, ਮੁੱਖ ਮੰਤਰੀ ਪੰਜਾਬ ਅਤੇ ਸਬੰਧਤ ਹਲਕਾ ਵਿਧਾਇਕਾਂ ਦਾ ਵੱਖ-ਵੱਖ ਥਾਵਾਂ ’ਤੇ ਘਿਰਾਓ ਕੀਤਾ ਜਾਵੇਗਾ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਸੰਘਰਸ਼ ਨੂੰ ਹੋਰ ਵਿਆਪਕ ਰੂਪ ਦੇਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।