ਐੱਨਐੱਚਐੱਮ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ, ਨਾਅਰੇਬਾਜ਼ੀ ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਨੈਸ਼ਨਲ ਹੈਲਥ ਮਿਸ਼ਨ
Publish Date: Wed, 25 Nov 2026 04:10 PM (IST)
Updated Date: Wed, 25 Nov 2026 04:13 PM (IST)
ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸੂਬੇ ਦੇ ਸਰਕਾਰੀ ਸਿਹਤ ਅਦਾਰਿਆਂ ਵਿੱਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਥਾਈ ਹੱਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਅਤੇ ਸਿਵਲ ਸਰਜਨ ਦਫਤਰ ਦੇ ਬੁਲਾਰੇ ਗੌਰਵ ਸ਼ਰਮਾ ਨੇ ਦੱਸਿਆ ਕਿ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰੰਤੂ ਅਜੇ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਵਾਰ-ਵਾਰ ਆਪਣੀਆਂ ਸਮੱਸਿਆਵਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਜਾ ਰਹੀਆਂ ਹਨ, ਪਰ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਹੀ ਸਮਾਂ ਲੰਘਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਮਿਤੀ 25 ਨਵੰਬਰ ਨੂੰ ਹੋਣ ਵਾਲੀ ਭਲਾਈ ਕਮੇਟੀ ਦੀ ਮੀਟਿੰਗ ਕੁਝ ਕਾਰਨਾਂ ਕਰਕੇ 27 ਨਵੰਬਰ ਨੂੰ ਕਰ ਦਿੱਤੀ ਗਈ ਹੈ, ਪਰ ਫਿਰ ਵੀ 27 ਨਵੰਬਰ ਨੂੰ ਮੁਲਾਜ਼ਮ ਭਲਾਈ ਕਮੇਟੀ ਦੀ ਹੋਣ ਵਾਲੀ ਮੀਟਿੰਗ ਤੋਂ ਸਮੂਹ ਐਨਐਚਐਮ ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਪਰ ਜੇਕਰ ਇਸ ਮੀਟਿੰਗ ਵਿਚ ਵੀ ਕੋਈ ਸਾਰਥਕ ਨਤੀਜਾ ਨਹੀਂ ਨਿਕਲਦਾ ਅਤੇ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾਂਦਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਸੇ ਲੜੀ ਤਹਿਤ ਯੂਨੀਅਨ ਵੱਲੋਂ 30 ਨਵੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਹਲਕੇ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਜ਼ਿਿਲ੍ਹਆਂ ਤੋਂ ਵੱਡੀ ਗਿਣਤੀ ਵਿਚ ਐਨਐਚਐਮ ਮੁਲਾਜ਼ਮ ਸ਼ਮੂਲੀਅਤ ਕਰਨਗੇ ਅਤੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰਦੇ ਹੋਏ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕਰਨਗੇ।