ਨਿੰਮਾ ਲਹੌਰੀਆ ਕਾਂਗਰਸ ’ਚ ਸ਼ਾਮਲ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਚਰਚਾ ਛਿੜ ਗਈ, ਜਦੋਂ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਮੀਤ ਪ੍ਰਧਾਨ ਅਤੇ ਯੂਥ ਆਗੂ ਨਿਰਮਲ ਸਿੰਘ ਨਿੰਮਾ ਲਹੌਰੀਆ
Publish Date: Thu, 15 Oct 2026 04:16 PM (IST)
Updated Date: Thu, 15 Oct 2026 04:18 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਚਰਚਾ ਛਿੜ ਗਈ, ਜਦੋਂ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਮੀਤ ਪ੍ਰਧਾਨ ਅਤੇ ਯੂਥ ਆਗੂ ਨਿਰਮਲ ਸਿੰਘ ਨਿੰਮਾ ਲਹੌਰੀਆ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਉਨ੍ਹਾਂ ਦੀ ਸ਼ਮੂਲੀਅਤ ਨੂੰ ਜੰਡਿਆਲਾ ਗੁਰੂ ਵਿਚ ਕਾਂਗਰਸ ਦੀ ਸਿਆਸੀ ਸਰਗਰਮੀ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਨਿਰਮਲ ਸਿੰਘ ਨਿੰਮਾ ਲਹੌਰੀਆ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਦੀਆਂ ਸੇਵਾਵਾਂ ਦਾ ਪੂਰਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ। ਪਾਰਟੀ ਨਾਲ ਜੁੜਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਬਣਦਾ ਸਨਮਾਨ ਦੇਣਾ ਕਾਂਗਰਸ ਦੀ ਰਵਾਇਤ ਹੈ। ਡੈਨੀ ਬੰਡਾਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਦੇ ਆਪਣੇ ਦਾਅਵਿਆਂ ਨੂੰ ਅਮਲੀ ਰੂਪ ਦੇਣ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦੇ ਨਾਲ-ਨਾਲ ਕਤਲ ਅਤੇ ਹੋਰ ਅਪਰਾਧਿਕ ਵਾਰਦਾਤਾਂ ਵੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਨਿਰਮਲ ਸਿੰਘ ਨਿੰਮਾ ਲਹੌਰੀਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਜੰਡਿਆਲਾ ਗੁਰੂ ਦੀ ਸਥਾਨਕ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਇਸ ਫ਼ੈਸਲੇ ਨੂੰ ਆਉਣ ਵਾਲੇ ਸਮੇਂ ਵਿੱਚ ਹਲਕੇ ਦੀ ਸਿਆਸੀ ਸਰਗਰਮੀ ਦੇ ਪੱਖ ਤੋਂ ਵੀ ਦੇਖਿਆ ਜਾ ਰਿਹਾ ਹੈ। ਇਸ ਮੌਕੇ ਰਾਣਾ ਜੰਡ, ਕ੍ਰਿਸ਼ਨਾ ਅਰੋੜਾ, ਰਾਜਦੀਪ ਸੈਣੀ, ਸੋਨੂ ਵਿਰਕ, ਦੀਪ ਝੰਡ, ਗੁਨੀਤ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।