ਧਾਮੀ ਨੇ ਕਿਹਾ ਕਿ ਹਾਲ ਹੀ ’ਚ ਦਿੱਲੀ ਦੀ ਭਾਜਪਾ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਨੂੰ ਰੱਦ ਕਰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਕਰਦੀ ਰਹੀ ਅਤੇ ਹੁਣ ਭਾਜਪਾ ਸਰਕਾਰ ਵੀ ਸਿੱਖ ਵਿਰੋਧੀ ਲੀਹਾਂ ’ਤੇ ਚੱਲ ਰਹੀ ਹੈ। ਉਨ੍ਹਾਂ ਭਾਜਪਾ ’ਚ ਬੈਠੇ ਸਿੱਖ ਆਗੂਆਂ ਦੇ ਇਸ ਮਾਮਲੇ ’ਤੇ ਚੁੱਪ ਰਹਿਣ ’ਤੇ ਵੀ ਸਵਾਲ ਚੁੱਕੇ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਮਤੇ ਪਾਸ ਕੀਤੇ ਗਏ। ਕਮੇਟੀ ਨੇ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਬੇਇਨਸਾਫੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਦੇਸ਼ ’ਚ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ ਹੈ। ਇਹ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਧਾਮੀ ਨੇ ਕਿਹਾ ਕਿ ਹਾਲ ਹੀ ’ਚ ਦਿੱਲੀ ਦੀ ਭਾਜਪਾ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਨੂੰ ਰੱਦ ਕਰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਕਰਦੀ ਰਹੀ ਅਤੇ ਹੁਣ ਭਾਜਪਾ ਸਰਕਾਰ ਵੀ ਸਿੱਖ ਵਿਰੋਧੀ ਲੀਹਾਂ ’ਤੇ ਚੱਲ ਰਹੀ ਹੈ। ਉਨ੍ਹਾਂ ਭਾਜਪਾ ’ਚ ਬੈਠੇ ਸਿੱਖ ਆਗੂਆਂ ਦੇ ਇਸ ਮਾਮਲੇ ’ਤੇ ਚੁੱਪ ਰਹਿਣ ’ਤੇ ਵੀ ਸਵਾਲ ਚੁੱਕੇ।
ਧਾਮੀ ਨੇ ਕਿਹਾ ਕਿ ਇਸ ਨਾਲ ਭਾਜਪਾ ਵਿਚਲੇ ਸਿੱਖ ਆਗੂਆਂ ਦਾ ਦੋਗਲਾ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਨੂੰ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਰਿਹਾਅ ਨਾ ਕਰਨ ਨੂੰ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਦੱਸਿਆ।• ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਨੇ ਆਸਟ੍ਰੇਲੀਆ ’ਚ ਇਕ ਸਿੱਖ ’ਤੇ ਕੀਤੇ ਗਏ ਹਮਲੇ ਦੀ ਵੀ ਨਿੰਦਾ ਕੀਤੀ ਅਤੇ ਅਜਿਹੇ ਮਾਮਲਿਆਂ ’ਚ ਭਾਰਤ ਸਰਕਾਰ ਨੂੰ ਸਬੰਧਤ ਦੇਸ਼ਾਂ ਨਾਲ ਕੂਟਨੀਤਕ ਪੱਧਰ ’ਤੇ ਗੱਲ ਕਰਨ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਏਆਈ ਤਕਨੀਕ ਨਾਲ ਸਿੱਖ ਵਿਰੋਧੀ ਕਾਰਵਾਈਆਂ ਦਾ ਵੀ ਨੋਟਿਸ ਲਿਆ ਹੈ। ਇਸ ਤਕਨੀਕ ਨਾਲ ਧਰਮਾਂ ਵਿਰੁੱਧ ਹਰਕਤਾਂ ਕਰਨ ਵਾਲਿਆਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸੁਚੇਤ ਰੂਪ ’ਚ ਕੰਮ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਇਕ ਕਮੇਟੀ ਗਠਤ ਕਰਨ ਦੇ ਨਾਲ-ਨਾਲ ਕਾਨੂੰਨ ਵਿਭਾਗ ਰਾਹੀਂ ਵੀ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਭਵਿੱਖ ’ਚ ਸ਼੍ਰੋਮਣੀ ਕਮੇਟੀ ਸਿੱਖ ਸਿਧਾਂਤਾਂ, ਇਤਿਹਾਸ ਅਤੇ ਸਰੋਤਾਂ ਆਦਿ ਦੇ ਸਬੰਧ ਵਿਚ ਆਪਣਾ ਡਾਟਾ ਬੈਂਕ ਤਿਆਰ ਕਰੇਗੀ, ਤਾਂ ਜੋ ਸਹੀ ਜਾਣਕਾਰੀ ਲੋਕਾਂ ਨੂੰ ਮਿਲ ਸਕੇ। ਇਸ ਦੇ ਨਾਲ ਹੀ ਏਆਈ ਕੰਪਨੀਆਂ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਇਕ ਮਾਸ ਰਿਪੋਟਿੰਗ ਸਾਫਟਵੇਅਰ ਵੀ ਜਲਦ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਾਗੂਕਰਤਾ ਵਾਸਤੇ ਵੀ ਯਤਨ ਕੀਤੇ ਜਾਣਗੇ।
ਇਕੱਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਓਐਸਡੀ ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਤੇਜਿੰਦਰ ਸਿੰਘ ਪੱਡਾ, ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।