ਨਵੰਬਰ 1984 ਦਾ ਸਿੱਖ ਕਤਲੇਆਮ ਲੋਕਤੰਤਰ ਦੇ ਮੱਥੇ ’ਤੇ ਸਭ ਤੋਂ ਵੱਡਾ ਕਲੰਕ, ਐਡਵੋਕੇਟ ਧਾਮੀ ਨੇ ਕਿਹਾ- ਚਾਰ ਦਹਾਕਿਆਂ ਬਾਅਦ ਵੀ ਪੀੜਤ ਪਰਿਵਾਰ ਇਨਸਾਫ਼ ਤੋਂ ਵਾਂਝੇ ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ਵਿੱਚ ਤਤਕਾਲੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਪਹਿਲੀ ਨਵੰਬਰ ਤੋਂ ਕਰੀਬ ਇੱਕ ਹਫ਼ਤੇ ਤੱਕ ਸਿੱਖਾਂ ’ਤੇ ਅਣਮਨੁੱਖੀ ਜ਼ੁਲਮ ਕੀਤੇ ਗਏ। ਸਿੱਖਾਂ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਿਆ ਗਿਆ। ਮਨੁੱਖਤਾ ਵਿਰੁੱਧ ਕੀਤਾ ਗਿਆ ਇਹ ਘਿਨਾਉਣਾ ਕਾਰੇ ਨੇ ਦੁਨੀਆ ਭਰ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ ’ਤੇ ਕਲੰਕ ਹੈ।
Publish Date: Sun, 01 Nov 2026 11:10 AM (IST)
Updated Date: Sun, 01 Nov 2026 11:13 AM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ। ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਹਰੇ ਹਨ। ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਦੇ ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਹੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ਵਿੱਚ ਤਤਕਾਲੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਪਹਿਲੀ ਨਵੰਬਰ ਤੋਂ ਕਰੀਬ ਇੱਕ ਹਫ਼ਤੇ ਤੱਕ ਸਿੱਖਾਂ ’ਤੇ ਅਣਮਨੁੱਖੀ ਜ਼ੁਲਮ ਕੀਤੇ ਗਏ। ਸਿੱਖਾਂ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਿਆ ਗਿਆ। ਮਨੁੱਖਤਾ ਵਿਰੁੱਧ ਕੀਤਾ ਗਿਆ ਇਹ ਘਿਨਾਉਣਾ ਕਾਰੇ ਨੇ ਦੁਨੀਆ ਭਰ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ ’ਤੇ ਕਲੰਕ ਹੈ।
ਉਨ੍ਹਾਂ ਕਿਹਾ ਕਿ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਇਨਸਾਫ਼ ਦਿਵਾਉਣ ਦੀ ਬਜਾਏ ਕਾਂਗਰਸ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਪਣੇ ਆਗੂਆਂ ਦੀ ਹਮੇਸ਼ਾ ਪੈਰਵੀ ਕੀਤੀ ਅਤੇ ਉਨ੍ਹਾਂ ਨੂੰ ਵੱਡੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ। ਇਸ ਨਾਲ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਮਰਹਮ ਲਾਉਣ ਦੀ ਬਜਾਏ ਉਨ੍ਹਾਂ ਨੂੰ ਵਾਰ-ਵਾਰ ਕੁਰੇਦਿਆ ਗਿਆ।
ਦੇਸ਼ ਦੀ ਆਜ਼ਾਦੀ ਲਈ ਸਿੱਖ ਕੌਮ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਪਰ ਇਸ ਦੇ ਬਾਵਜੂਦ ਸਿੱਖਾਂ ਨਾਲ ਵਾਰ-ਵਾਰ ਬੇਇਨਸਾਫ਼ੀ ਹੋਈ। ਨਵੰਬਰ ਦਾ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਤਾਜ਼ਾ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਉਣ ਲਈ ਠੋਸ ਕਦਮ ਚੁੱਕਣ।
ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿੱਚ ਵਿਸ਼ਵਾਸ ਦੀ ਵੀ ਲੜਾਈ ਹੈ। ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਮਨਾਂ ਨੂੰ ਸ਼ਾਂਤੀ ਨਹੀਂ ਮਿਲੇਗੀ। ਸਿੱਖ ਕੌਮ ਇਸ ਦਰਦਨਾਕ ਘਟਨਾ ਨੂੰ ਕਦੇ ਨਹੀਂ ਭੁਲਾ ਸਕਦੀ। ਹਰ ਸਾਲ ਇਸ ਦੀ ਯਾਦ ਵਿੱਚ ਸਮਾਗਮ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਦੋ ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਕਤਲੇਆਮ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ।