- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬੱਚੇ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ 'ਤੇ ਪਹੁੰਚ ਗਿਆ ਹੈ। ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀਜੀਆਈ 2.0 ਦਰਜਾਬੰਦੀ ਅਨੁਸਾਰ ਪੰਜਾਬ ਦੇ ਸਕੂਲਾਂ ਨੂੰ ਦੇਸ਼ ਵਿੱਚ ਪਹਿਲਾ ਸਥਾਨ ਮਿਲਿਆ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ: 'ਬ੍ਰਾਈਟ ਮਾਈਂਡਜ਼ ਪੰਜਾਬ' ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 95 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਅੰਮ੍ਰਿਤਸਰ ਦੇ 332 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ ਵੀ ਮੌਜੂਦ ਸਨ।
ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬੱਚੇ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ 'ਤੇ ਪਹੁੰਚ ਗਿਆ ਹੈ। ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀਜੀਆਈ 2.0 ਦਰਜਾਬੰਦੀ ਅਨੁਸਾਰ ਪੰਜਾਬ ਦੇ ਸਕੂਲਾਂ ਨੂੰ ਦੇਸ਼ ਵਿੱਚ ਪਹਿਲਾ ਸਥਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ "ਉੱਡਦਾ ਪੰਜਾਬ" ਨਹੀਂ, ਸਗੋਂ "ਪੜ੍ਹਦਾ ਪੰਜਾਬ" ਵਜੋਂ ਜਾਣਿਆ ਜਾਵੇਗਾ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਲਈ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਸਕੂਲਾਂ ਵੱਲੋਂ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ ਪੰਜ ਫ਼ੀਸਦੀ ਤੱਕ ਸੀਮਤ ਰਹੇਗਾ। ਪਿਛਲੇ ਤਿੰਨ ਸਾਲਾਂ ਦੌਰਾਨ ਗੈਰ-ਵਾਜਬ ਫੀਸ ਵਸੂਲਣ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਕਰਕੇ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਨਾਲ-ਨਾਲ ਉਚੇਰੀ ਸਿੱਖਿਆ ਵਿੱਚ ਵੀ ਸੁਧਾਰ ਲਈ ਯਤਨ ਜਾਰੀ ਹਨ ਅਤੇ ਅੰਮ੍ਰਿਤਸਰ ਦੇ ਸਕੂਲ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ।
ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਖੁੱਲ੍ਹੀ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ 'ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਪ੍ਰਣਾਲੀ ਨੂੰ ਠੀਕ ਕਰ ਦਿੱਤਾ ਜਾਵੇ ਤਾਂ ਦੇਸ਼ ਆਪਣੇ ਆਪ ਤਰੱਕੀ ਕਰੇਗਾ। ਉਨ੍ਹਾਂ ਪ੍ਰੀਖਿਆ ਪ੍ਰਣਾਲੀ ਨੂੰ ਰੱਟੇ ਦੀ ਥਾਂ ਸਮਝ-ਆਧਾਰਿਤ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਹੁਣ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹਨ।
ਸਮਾਗਮ ਦੌਰਾਨ ਵਿਦਿਆਰਥੀਆਂ ਤੋਂ ਸਿੱਖਿਆ ਨੀਤੀ ਅਤੇ ਪ੍ਰੀਖਿਆ ਪ੍ਰਣਾਲੀ ਸਬੰਧੀ ਸੁਝਾਅ ਵੀ ਲਏ ਗਏ। ਵਿਦਿਆਰਥੀਆਂ ਨੇ ਸਕੂਲਾਂ ਵਿੱਚ ਹੋਏ ਬਦਲਾਅ ਅਤੇ ਪ੍ਰਣਾਲੀਗਤ ਸੁਧਾਰਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ 95 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ 332 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਆਫ਼ ਐਮੀਨੈਂਸ, ਮਾਲ ਰੋਡ ਦੀ ਵਿਦਿਆਰਥਣ ਟੀਆ, ਜਿਸ ਦੀ ਚੋਣ ਇਸਰੋ ਵਿੱਚ ਹੋਈ ਹੈ, ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਇਸਰੋ ਵੱਲੋਂ 108 ਦੇਸ਼ਾਂ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਟੈਸਟ ਵਿੱਚ ਭਾਰਤ ਵੱਲੋਂ ਟੀਆ ਦੀ ਚੋਣ ਹੋਈ ਹੈ।