ਪੱਤਰ ਪ੍ਰਰੇਰਕ, ਤਰਨਤਾਰਨ : ਕਸਬਾ ਚੋਹਲਾ ਸਾਹਿਬ ਨਜ਼ਦੀਕ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤਰਨਤਾਰਨ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਚਰਨ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਪਿੰਡ ਗੰਡੀਵਿੰਡ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਭਤੀਜਾ ਗੁਰਵਿੰਦਰ ਸਿੰਘ ਮੋਟਰਸਾਈਕਲ 'ਤੇ ਪਿੰਡ ਫੈਲੋਕੇ ਜਾ ਰਿਹਾ ਸੀ। ਜਦੋਂ ਉਹ ਚੋਹਲਾ ਸਾਹਿਬ ਨਜ਼ਦੀਕ ਪੁੱਜਾ ਤਾਂ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਗੰਭੀਰ ਹਾਲਤ ਵਿਚ ਜ਼ਖ਼ਮੀ ਹੋਏ ਗੁਰਵਿੰਦਰ ਸਿੰਘ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਕੇ 'ਤੇ ਪੁੱਜੇ ਥਾਣਾ ਚੋਹਲਾ ਸਾਹਿਬ ਦੇ ਤਫਤੀਸ਼ੀ ਅਫਸਰ ਏਐੱਸਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਚਰਨ ਸਿੰਘ ਦੇ ਬਿਆਨਾਂ 'ਤੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਦੇ ਚਾਲਕ ਮੰਗਲ ਸਿੰਘ ਵਾਸੀ ਪੰਡੋਰੀ ਰੁਮਾਣਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।