ਮਾਪਿਆਂ ਦਾ ਚਿਰਾਗ ਬੁੱਝਿਆ! ਥਾਣਾ ਲੋਪੋਕੇ ਦੇ ਪਿੰਡ ਸ਼ਹੂਰਾ 'ਚ ਨੌਜਵਾਨ ਦਾ ਸ਼ਰੇਆਮ ਕਤਲ; ਜਾਂਚ 'ਚ ਜੁਟੀ ਪੁਲਿਸ ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇੱਕ ਬੇਹੱਦ ਦੁਖਦਾਈ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਲਾਹੌਰਾ ਸਿੰਘ ਨੇ ਰੋਦਿਆਂ ਹੋਇਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਗੁਰਅਵਤਾਰ ਸਿੰਘ ਦੀ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਡੰਡੇ ਅਤੇ ਉਨ੍ਹਾਂ ਦੇ ਕੁਝ ਹੋਰ ਸਾਥੀਆਂ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ।
Publish Date: Sat, 11 Jul 2026 01:45 PM (IST)
Updated Date: Sat, 11 Jul 2026 01:47 PM (IST)
ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ, ਅਜਨਾਲਾ : ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇੱਕ ਬੇਹੱਦ ਦੁਖਦਾਈ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਲਾਹੌਰਾ ਸਿੰਘ ਨੇ ਰੋਦਿਆਂ ਹੋਇਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਗੁਰਅਵਤਾਰ ਸਿੰਘ ਦੀ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਡੰਡੇ ਅਤੇ ਉਨ੍ਹਾਂ ਦੇ ਕੁਝ ਹੋਰ ਸਾਥੀਆਂ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ।
ਬੀਤੀ ਰਾਤ ਉਕਤ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਉਨ੍ਹਾਂ ਦੇ ਡੇਰੇ 'ਤੇ ਆਏ ਅਤੇ ਉਨ੍ਹਾਂ ਨੇ ਗੁਰਅਵਤਾਰ ਸਿੰਘ ਨੂੰ ਆਵਾਜ਼ ਮਾਰ ਕੇ ਬਾਹਰ ਬੁਲਾਇਆ। ਜਦੋਂ ਮੇਰਾ ਪੁੱਤਰ ਗੁਰਅਵਤਾਰ ਸਿੰਘ ਬਾਹਰ ਆਇਆ ਤਾਂ ਉਕਤ ਨੌਜਵਾਨਾਂ ਦੀ ਉਸ ਨਾਲ ਬਹਿਸਬਾਜ਼ੀ (ਤਕਰਾਰ) ਹੋ ਗਈ। ਦੇਖਦੇ ਹੀ ਦੇਖਦੇ ਗੁਰਜੰਟ ਸਿੰਘ ਅਤੇ ਹਨੀ ਨੇ ਆਪਣੇ ਪਿਸਟਲ ਕੱਢ ਲਏ ਅਤੇ ਗੁਰਅਵਤਾਰ 'ਤੇ ਸਿੱਧੀਆਂ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।" ਗੋਲੀਆਂ ਲੱਗਣ ਕਾਰਨ ਗੁਰਅਵਤਾਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਕੇ ਉੱਥੇ ਹੀ ਡਿੱਗ ਪਿਆ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪਰਿਵਾਰ ਵੱਲੋਂ ਖੂਨ ਨਾਲ ਲੱਥਪੱਥ ਗੁਰਅਵਤਾਰ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਕਿਉਂਕਿ ਗੁਰਅਵਤਾਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਥਾਣਾ ਲੋਪੋਕੇ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਗੁਰਜੰਟ ਸਿੰਘ, ਹਨੀ ਡੰਡੇ ਅਤੇ ਹੋਰਨਾਂ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਸਲਾਖਾਂ ਦੇ ਪਿੱਛੇ ਭੇਜਿਆ ਜਾਵੇਗਾ।