ਗੁਰੂ ਨਾਨਕ ਦੇਵ ਹਸਪਤਾਲ 'ਚ ਮਰੀਜ਼ਾਂ ਤੇ ਵਾਰਸਾਂ ਨੂੰ ਮਿਲੇਗਾ 'ਗੁਰੂ ਕਾ ਲੰਗਰ', ਸੇਵਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਰਹਿਣਗੇ ਮੌਜੂਦ
ਉਨ੍ਹਾਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਸੀ ਕਿ ਮਰੀਜ਼ਾਂ ਦੇ ਵਾਰਸਾਂ ਨੂੰ ਇਲਾਜ ਦੇ ਖ਼ਰਚਿਆਂ ਦੇ ਨਾਲ-ਨਾਲ ਰੋਟੀ ਦਾ ਪ੍ਰਬੰਧ ਕਰਨ ਵਿਚ ਮੁਸ਼ਕਲ ਪੇਸ਼ ਆਉਂਦੀ ਸੀ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਨੇ ਇਹ ਸੇਵਾ ਆਰੰਭ ਕਰਨ ਦਾ ਪ੍ਰਬੰਧ ਕੀਤਾ ਹੈ।
Publish Date: Fri, 27 Mar 2026 10:12 AM (IST)
Updated Date: Fri, 27 Mar 2026 10:16 AM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮਨੁੱਖਤਾ ਦੀ ਸੇਵਾ ਵਿਚ ਮੋਹਰੀ ਰਹਿਣ ਵਾਲੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾਉਂਣ ਲਈ ਆਉਂਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਅੱਜ ਤੋਂ ਲੰਗਰ ਸੇਵਾ ਦੀ ਆਰੰਭਤਾ ਕੀਤੀ ਜਾ ਰਹੀ ਹੈ। ਇਸ ਦੀ ਆਰੰਭਤਾ ਅਰਦਾਸ ਤੋਂ ਬਾਅਦ ਸ਼ੁਰੂ ਹੋਵੇਗੀ, ਇਸ ਮੌਕੇ ਖ਼ਾਸ ਤੌਰ ’ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਮੂਲੀਅਤ ਕਰਨਗੇ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਹੈ ਕਿ ਹਸਪਤਾਲ ਵਿਚ ਦੂਰ-ਦੁਰਾਡੇ ਤੋਂ ਆਉਣ ਵਾਲੇ ਮਰੀਜ਼ਾਂ ਦੀ ਸਹੂਲਤ ਲਈ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਸੀ ਕਿ ਮਰੀਜ਼ਾਂ ਦੇ ਵਾਰਸਾਂ ਨੂੰ ਇਲਾਜ ਦੇ ਖ਼ਰਚਿਆਂ ਦੇ ਨਾਲ-ਨਾਲ ਰੋਟੀ ਦਾ ਪ੍ਰਬੰਧ ਕਰਨ ਵਿਚ ਮੁਸ਼ਕਲ ਪੇਸ਼ ਆਉਂਦੀ ਸੀ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਨੇ ਇਹ ਸੇਵਾ ਆਰੰਭ ਕਰਨ ਦਾ ਪ੍ਰਬੰਧ ਕੀਤਾ ਹੈ। ਇਸ ਸੇਵਾ ਅਧੀਨ ਕੋਈ ਵੀ ਲੋੜਵੰਦ ਵਿਅਕਤੀ ਕਿਸੇ ਭੇਦਭਾਵ ਤੋਂ ਲੰਗਰ ਛਕ ਸਕੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਤੋਂ ਇਹ ਸੇਵਾ ਕੀਤੀ ਜਾਵੇਗੀ, ਇਹ ਸੇਵਾ ਪਹਿਲਾਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਵੀ ਲੰਮੇਂ ਸਮੇਂ ਤੋਂ ਚੱਲ ਰਹੀ ਹੈ। ਇਸ ਮੌਕੇ ਮੈਨੇਜਰ ਸਤਿੰਦਰ ਸਿੰਘ, ਸਤਨਾਮ ਸਿੰਘ ਝਬਾਲ, ਬਿਕਰਮ ਸਿੰਘ, ਯੁਵਰਾਜ ਸਿੰਘ, ਗੁਰਵਿੰਦਰ ਸਿੰਘ ਆਦਿ ਮੌਜੂਦ ਸਨ।