ਪੰਜਾਬ ਦੀ ਹੋਂਦ ਬਚਾਉਣ ਲਈ ਲੋਕ ਇਕਜੁੱਟ ਹੋਣ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੈਹਣੀਆਂ ਬ੍ਰਾਹਮਣਾਂ ਵਿਖੇ
Publish Date: Wed, 21 Oct 2026 04:20 PM (IST)
Updated Date: Wed, 21 Oct 2026 04:21 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੈਹਣੀਆਂ ਬ੍ਰਾਹਮਣਾਂ ਵਿਖੇ ਸੁੱਖਨੰਦਨ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਅਹਿਮ ਮੀਟਿੰਗ ਕੋਟਲਾ ਭਰਾਵਾਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੂਬੇ ਦੀ ਕਿਸਾਨੀ, ਨੌਜਵਾਨਾਂ ਦੇ ਭਵਿੱਖ ਤੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੇ ਆਪਣੇ ਲੰਮੇ ਰਾਜ ਦੌਰਾਨ ਸੂਬੇ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ। ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਭਵਿੱਖ ਦੀ ਉਮੀਦ ਸੀ, ਪਰ ਅੱਜ ਵੀ ਕਿਸਾਨੀ, ਬੇਰੁਜ਼ਗਾਰੀ, ਨਸ਼ਿਆਂ ਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਵਰਗੀਆਂ ਸਮੱਸਿਆਵਾਂ ਗੰਭੀਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਡਾ. ਕੋਟਲਾ ਨੇ ਕਿਹਾ ਪੰਜਾਬ ਦੀ ਧਰਤੀ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੱਕ ਹਰ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਇਸ ਦੇ ਬਾਵਜੂਦ ਪੰਜਾਬ ਦੀ ਕਿਸਾਨੀ ਤੇ ਨੌਜਵਾਨੀ ਅੱਜ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਫ਼ਸਲਾਂ ਅਤੇ ਨਸਲਾਂ ਨੂੰ ਬਚਾਉਣ ਲਈ ਅਜਿਹੀਆਂ ਨੀਤੀਆਂ ਦੀ ਲੋੜ ਹੈ, ਜਿਹੜੀਆਂ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਅਤੇ ਸੂਬੇ ਦੇ ਲੋਕਾਂ ਨੂੰ ਆਪਣੇ ਭਵਿੱਖ ਪ੍ਰਤੀ ਭਰੋਸਾ ਪ੍ਰਦਾਨ ਕਰਨ। ਇਸ ਮੌਕੇ ਬਿਕਰਮਜੀਤ ਸਿੰਘ ਕੋਟਲਾ, ਸੇਵਾਦਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜੰਡਿਆਲਾ ਗੁਰੂ ਨੇ ਵੀ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਮੀਟਿੰਗ ਵਿਚ ਮਨਜੀਤ ਸਿੰਘ ਕਹਿਣੀ ਰਾਏਪੁਰ, ਸੁੱਖਨੰਦਨ ਸਿੰਘ, ਸਾਬਕਾ ਸਰਪੰਚ ਸੁਖਜੀਤ ਸਿੰਘ, ਨਿੰਦਰ ਸਿੰਘ ਫ਼ੌਜੀ, ਹੰਸਾ ਸਿੰਘ ਫ਼ੌਜੀ ਮੈਹਣੀਆਂ, ਭੁਪਿੰਦਰ ਸਿੰਘ ਰਾਏਪੁਰ ਕਲਾਂ, ਕਾਬਲ ਸਿੰਘ ਗਿੱਲ, ਹੀਰਾ ਸਿੰਘ, ਬਲਜੀਤ ਸਿੰਘ ਬਿੱਲਾ, ਰਾਜੂ ਪ੍ਰਧਾਨ ਰਸੂਲਪੁਰ ਕਲਾਂ, ਧਿਆਨ ਸਿੰਘ ਛੀਨਾ, ਲਖਵਿੰਦਰ ਸਿੰਘ ਵਡਾਲਾ ਜੌਹਲ, ਕੇਵਲ ਸਿੰਘ ਬੰਮਾ, ਸੁਖਵਿੰਦਰ ਸਿੰਘ ਬੰਡਾਲਾ, ਰਾਜਪਾਲ ਸਿੰਘ ਵੱਲ੍ਹਾ ਅਤੇ ਬਾਬਾ ਸੁਖਦੇਵ ਸਿੰਘ ਸਮੇਤ ਹੋਰ ਪਤਵੰਤੇ ਅਤੇ ਪਾਰਟੀ ਵਰਕਰ ਹਾਜ਼ਰ ਸਨ।