ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਦੀ ਕੀਤੀ ਅਪੀਲ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਚਲਾਏ ਜਾ ਰਹੇ ਸਵੱਛਤਾ ਅਭਿਆਨ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਅੱਜ
Publish Date: Mon, 31 Aug 2026 06:09 PM (IST)
Updated Date: Mon, 31 Aug 2026 06:10 PM (IST)
ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਚਲਾਏ ਜਾ ਰਹੇ ਸਵੱਛਤਾ ਅਭਿਆਨ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਅੱਜ ਵਾਰਡ ਨੰਬਰ 44 ਵਿਖੇ ਨਾਮਧਾਰੀ ਕੰਡੇ ਦੇ ਕੋਲ, ਕੋਟ ਮਾਹਣਾ ਸਿੰਘ ਪਾਣੀ ਦੀ ਟੈਂਕੀ ਦੇ ਨੇੜੇ ਤੋਂ ਵਿਸ਼ੇਸ਼ ਸਵੱਛਤਾ ਅਭਿਆਨ ਦੀ ਅਗਵਾਈ ਕੀਤੀ ਗਈ। ਇਸ ਮੌਕੇ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਦ ਸਵੱਛਤਾ ਅਭਿਆਨ ਵਿੱਚ ਸ਼ਮੂਲੀਅਤ ਕਰਦਿਆਂ ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ਼ ਰੱਖਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਸਫ਼ਾਈ ਪ੍ਰਤੀ ਜਾਗਰੂਕ ਕਰਨ। ਡਾ. ਨਿੱਜਰ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਣਾਈ ਰੱਖਣਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਨੂੰ ਸਿਰਫ਼ ਇੱਕ ਮੁਹਿੰਮ ਵਜੋਂ ਨਾ ਲਿਆ ਜਾਵੇ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਂਦਿਆਂ ਸੇਵਾ ਭਾਵਨਾ ਨਾਲ ਅਪਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਦਾ ਹੈ, ਸਗੋਂ ਇਸ ਨਾਲ ਲੋਕਾਂ ਨੂੰ ਬਿਹਤਰ ਅਤੇ ਸਿਹਤਮੰਦ ਵਾਤਾਵਰਣ ਵੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖੇ ਤਾਂ ਅੰਮ੍ਰਿਤਸਰ ਨੂੰ ਹੋਰ ਵੀ ਸੁੰਦਰ ਅਤੇ ਸਵੱਛ ਬਣਾਇਆ ਜਾ ਸਕਦਾ ਹੈ। ਵਿਧਾਇਕ ਡਾ. ਨਿੱਜਰ ਨੇ ਕਿਹਾ ਕਿ ਸਵੱਛਤਾ ਅਭਿਆਨ ਦਾ ਮਕਸਦ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਾਂਝੇ ਯਤਨਾਂ ਰਾਹੀਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਸਵੱਛ ਅੰਮ੍ਰਿਤਸਰ — ਸਿਹਤਮੰਦ ਅੰਮ੍ਰਿਤਸਰ ਦੇ ਸੰਦੇਸ਼ ਨਾਲ ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਅੰਮ੍ਰਿਤਸਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਇਆ ਜਾ ਸਕਦਾ ਹੈ।