ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਵਿਰਾਟ ਦੇਵਗਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ
Publish Date: Fri, 02 Oct 2026 04:13 PM (IST)
Updated Date: Fri, 02 Oct 2026 04:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਉਤਰੀ ਪ੍ਰੀਤ ਨਗਰ ਪੰਚਾਇਤ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਪਬਲਿਕ ਮੀਟਿੰਗ ਕਰਵਾਈ ਗਈ। ਇਸ ਮੌਕੇ ਸਮਾਜ ਸੇਵਕ ਤੇ ਕੌਂਸਲਰ ਵਿਰਾਟ ਦੇਵਗਨ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਇਸ ਸਮਾਜਿਕ ਚੁਣੌਤੀ ਨਾਲ ਨਜਿੱਠਣ ਲਈ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੀਟਿੰਗ ਦੀ ਅਗਵਾਈ ਵਿਰਾਟ ਦੇਵਗਨ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੇ ਨਸ਼ਿਆਂ ਵਿਰੁੱਧ ਹਾਂ-ਪੱਖੀ ਨਾਅਰੇ ਲਗਾਉਂਦਿਆਂ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਲਾਕਾ ਵਾਸੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਅਜਿਹੀਆਂ ਮੀਟਿੰਗਾਂ ਲਗਾਤਾਰ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਵਿਰਾਟ ਦੇਵਗਨ ਵੱਲੋਂ ਨਸ਼ਿਆਂ ਦੇ ਸਿਹਤ, ਪਰਿਵਾਰ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਪ੍ਰਸ਼ਾਸਨ ਦਰਮਿਆਨ ਸਾਂਝੇ ਯਤਨਾਂ ਅਤੇ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਗੈਰ ਸਮਾਜਿਕ ਅਨਸਰਾਂ ਤੇ ਸ਼ਿਕੰਜਾ ਕੱਸਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਮੀਟਿੰਗ ਵਿਚ ਹਾਜ਼ਰ ਲੋਕਾਂ ਨੇ ਨਸ਼ਿਆਂ ਵਿਰੁੱਧ ਸਮਾਜਿਕ ਜਾਗਰੂਕਤਾ ਨੂੰ ਹੋਰ ਵਿਆਪਕ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਪ੍ਰਗਟ ਕੀਤਾ।