ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੱਕੇ ਧਰਨੇ ਛੇਵੇਂ ਦਿਨ ਵੀ ਜਾਰੀ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕੀ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲਗਾਏ ਗਏ ਪੱਕੇ ਧਰਨੇ ਅੱਜ ਛੇਵੇਂ ਦਿਨ ਵੀ ਪੂਰੇ
Publish Date: Fri, 04 Sep 2026 06:23 PM (IST)
Updated Date: Fri, 04 Sep 2026 06:25 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕੀ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲਗਾਏ ਗਏ ਪੱਕੇ ਧਰਨੇ ਅੱਜ ਛੇਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੇ। ਅੱਜ ਦੇ ਦਿਨ ਨੂੰ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਮੁਲਾਜ਼ਮ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ। ਧਰਨਿਆਂ ਵਿੱਚ ਕਿਸਾਨਾਂ ਦੇ ਨਾਲ-ਨਾਲ ਮੁਲਾਜ਼ਮਾਂ, ਮਜ਼ਦੂਰਾਂ, ਅਤੇ ਨੌਜਵਾਨਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਦੇ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਅਤੇ ਬਿਜਲੀ ਕਾਮਿਆਂ ਟੀਐਸ ਯੂ ਦੇ ਸੂਬਾ ਪ੍ਰਧਾਨ ਕਿਰਸਨ ਸਿੰਘ ਔਲਖ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਲਗਾਤਾਰ ਲੋਕ ਵਿਰੋਧੀ ਦਿਸ਼ਾ ਵੱਲ ਵਧ ਰਹੀਆਂ ਹਨ। ਸਰਕਾਰਾਂ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਨਿੱਜੀਕਰਨ, ਕਾਰਪੋਰੇਟ ਪੱਖੀ ਨੀਤੀਆਂ ਅਤੇ ਲੋਕਾਂ ਦੇ ਹੱਕਾਂ ਨੂੰ ਕਮਜ਼ੋਰ ਕਰਨ ਵਾਲੇ ਫ਼ੈਸਲੇ ਲਾਗੂ ਕੀਤੇ ਜਾ ਰਹੇ ਹਨ ਕਿਸਾਨ ਆਗੂ ਬਘੇਲ ਸਿੰਘ ਨੇ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਫ਼ਸਲਾਂ ’ਤੇ ਕਾਨੂੰਨੀ ਗਾਰੰਟੀ ਵਾਲੀ ਐੱਮਐੱਸਪੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਰਾਖੀ ਸਮੇਤ ਹੋਰ ਮੰਗਾਂ ਦਾ ਹੱਲ ਕੀਤਾ ਜਾਣਾ ਜ਼ਰੂਰੀ ਹੈ। ਇਸੇ ਤਰ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ, ਮਹਿੰਗਾਈ ਭੱਤੇ, ਬਕਾਏ, ਪੁਰਾਣੀ ਪੈਨਸ਼ਨ ਅਤੇ ਹੋਰ ਹੱਕੀ ਮੰਗਾਂ ਨੂੰ ਵੀ ਸਰਕਾਰ ਵੱਲੋਂ ਗੰਭੀਰਤਾ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ ਉਨਾ ਕਿਹਾ ਹੱਲ ਕਰਨ ਦੀ ਬਜਾਏ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕੁਚਲਣ ਦਾ ਯਤਨ ਕੀਤਾ ਜਾ ਰਿਹਾ ਉਨਾ ਦੀਆ ਬਦਲੀਆਂ ਕਰਕੇ ਆਗੂਆਂ ਨੂੰ ਡਰਾਉਣ ਦੰਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਕਰ-ਮੁਕਤ ਵਪਾਰ ਸਮਝੌਤੇ ਦੀਆਂ ਵਾਰਤਾਵਾਂ ਕਿਸਾਨੀ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰਾਂ ਲਈ ਗੰਭੀਰ ਖ਼ਤਰਾ ਬਣ ਸਕਦੀਆਂ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਕੇ ਕਿਸਾਨਾਂ ਦੀ ਜ਼ਮੀਨ ਅਤੇ ਮਾਲਕੀ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ। ਪਾਣੀ ਦੇ ਨਿੱਜੀਕਰਨ ਅਤੇ ਵਪਾਰੀਕਰਨ ਨੂੰ ਵੀ ਤੁਰੰਤ ਰੋਕਣ ਦੀ ਮੰਗ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ, ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਮੁਲਾਜ਼ਮਾਂ ਦੇ ਬਕਾਇਆ ਵਿੱਤੀ ਲਾਭ ਜਾਰੀ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਮੁਲਾਜ਼ਮ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰ ਨੂੰ ਟਕਰਾਅ ਦੀ ਨੀਤੀ ਛੱਡ ਕੇ ਗੱਲਬਾਤ ਰਾਹੀਂ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਅਤੇ ਮੁਲਾਜ਼ਮ ਸੰਘਰਸ਼ ਇੱਕ-ਦੂਜੇ ਦੇ ਵਿਰੋਧੀ ਨਹੀਂ, ਸਗੋਂ ਲੋਕ ਹਿੱਤਾਂ ਨਾਲ ਜੁੜੇ ਸਾਂਝੇ ਸੰਘਰਸ਼ ਹਨ। ਜਦੋਂ ਸਰਕਾਰਾਂ ਲੋਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਦੀਆਂ ਹਨ ਤਾਂ ਵੱਖ-ਵੱਖ ਵਰਗਾਂ ਦਾ ਇਕਜੁੱਟ ਹੋ ਕੇ ਸੰਘਰਸ਼ ਕਰਨਾ ਹੀ ਲੋਕਤੰਤਰਿਕ ਹੱਕ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰਾਂ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਕਰਦੀਆਂ, ਉਦੋਂ ਤੱਕ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਦਿਨ-ਰਾਤ ਪੱਕੇ ਧਰਨੇ ਜਾਰੀ ਰਹਿਣਗੇ। ਆਗੂਆਂ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਔਰਤਾਂ ਨੂੰ ਵੱਡੀ ਗਿਣਤੀ ਵਿੱਚ ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਇਸ ਮੌਕੇ ਪ੍ਰਗਟ ਸਿੰਘ ਧਰਮਕੋਟ,ਬਾਬਾ ਰਾਜਨ ਸਿੰਘ ,ਮਲਕੀਤ ਸਿੰਘ ਸਹਿੰਸਰਾ ,ਮਨਜੀਤ ਸਿੰਘ ਬਾਸਰਕੇ ਏਟਕ ,ਨਰਿੰਦਰ ਸਿੰਘ ਭਿੱਟੇਵੱਡ,ਕੰਵਲਜੀਤ ਸਿੰਘ ਟੀਐਸ ਯੂ ,ਡਾ ਪਰਮਿੰਦਰ ਸਿੰਘ ਪੰਡੋਰੀ,ਕੁਲਬੀਰ ਸਿੰਘ ਜੇਠੂਵਾਲ ,ਕੁਲਦੀਪ ਸਿੰਘ ਨੰਗਲ ,ਦਿਲਬਾਗ ਸਿੰਘ ਭਿੱਟੇਵੱਡ ਨੇ ਸਬੰਧੋਨ ਕਰਨ ਸਮੇਤ ਸੈਂਕੜੇ ਕਿਸਾਨ, ਮਜ਼ਦੂਰ,ਮੁਲਾਜ਼ਮ ਆਦਿ ਹਾਜ਼ਰ ਸਨ।