ਜੇਐੱਨਐੱਨ, ਅੰਮਿ੍ਤਸਰ : ਗੇਟ ਹਕੀਮਾਂ ਥਾਣੇ ਅਧੀਨ ਪੈਂਦੇ ਝਬਾਲ ਰੋਡ ਸਥਿਤ ਸ਼ਹੀਦ ਊਧਮ ਸਿੰਘ ਇਲਾਕੇ ਵਿਚ ਕੁਝ ਲੋਕਾਂ ਨੇ ਪੁਰਾਣੀ ਰੰਜਿਸ਼ ਕਾਰਨ ਵਿਆਹ ਵਾਲੇ ਘਰ ਵਿਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ। ਪਰਿਵਾਰ ਦੇ ਮੈਂਬਰਾਂ ਨੇ ਘਰ ਵਿਚ ਲੁਕ ਕੇ ਆਪਣੀ ਜਾਨ ਬਚਾਈ। ਮੁਲਜ਼ਮਾਂ ਨੇ ਕਮਰਿਆਂ ਦੇ ਦਰਵਾਜਿਆਂ ਨੂੰ ਤੋੜਨ ਦੀ ਵੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਕਾਲੀ, ਦੀਪੂ, ਕੁਸ਼ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਐੱਫਆਈਆਰ ਦਰਜ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਸ਼ਹੀਦ ਊਧਮ ਸਿੰਘ ਕਾਲੋਨੀ ਸਥਿਤ ਗਲੀ ਨੰਬਰ - 11 ਵਿਚ ਰਹਿਣ ਵਾਲੇ ਦੇਸ ਰਾਜ ਅਤੇ ਉਨ੍ਹਾਂ ਦੀ ਪਤਨੀ ਹੇਮਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਦੋਵੇਂ ਨਗਰ ਨਿਗਮ ਵਿਚ ਨੌਕਰੀ ਕਰਦੇ ਹਨ। ਇਲਾਕੇ ਵਿਚ ਰਹਿਣ ਵਾਲੇ ਕਾਲੀ, ਦੀਪੂ ਅਤੇ ਕੁਸ਼ ਉਨ੍ਹਾਂ ਦੇ ਪਰਿਵਾਰ ਦੇ ਨਾਲ ਪੁਰਾਣੀ ਰੰਜਿਸ਼ ਰੱਖਦੇ ਹਨ। 6 ਦਸੰਬਰ ਨੂੰ ਉਨ੍ਹਾਂ ਦੇ ਬੇਟੇ ਮਹੇਸ਼ ਦਾ ਵਿਆਹ ਸੀ। ਉਕਤ ਮੁਲਜ਼ਮਾਂ ਨੇ ਮੌਕਾ ਮਿਲਦਿਆਂ ਹੀ 7 ਦਸੰਬਰ ਦੀ ਰਾਤ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਹੰਗਾਮਾ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਤਿੰਨਾਂ ਮੁਲਜ਼ਮਾਂ ਨੇ ਆਪਣੇ ਨਾਲ 15-20 ਹਥਿਆਰਬੰਦ ਨੌਜਵਾਨਾਂ ਨੂੰ ਲੈ ਕੇ ਉਨ੍ਹਾਂ ਦੇ ਘਰ ਅੰਦਰ ਇੱਟਾਂ-ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਦਾ ਸਾਰਾ ਪਰਿਵਾਰ ਘਰ ਦੇ ਕਮਰੇ ਵਿਚ ਜਾ ਕੇ ਲੁੱਕ ਗਿਆ। ਵੇਖਦੇ ਹੀ ਵੇਖਦੇ ਹਥਿਆਰਬੰਦ ਨੌਜਵਾਨ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਗਏ ਅਤੇ ਦਾਤਰਾਂ, ਤਲਵਾਰਾਂ ਨਾਲ ਦਰਵਾਜੇ ਤੋੜਨ ਲੱਗੇ। ਗਾਲੀ-ਗਲੋਚ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਫ਼ਰਾਰ ਹੋ ਗਏ। ਪੀੜਤ ਪਰਿਵਾਰ ਨੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੂੰ ਗੁਹਾਰ ਲਾਈ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਮੁਲਜ਼ਮਾਂ ਦੀ ਜਾਇਦਾਦ ਦੀ ਵੀ ਜਾਂਚ ਹੋਵੇ।