ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਵਿਭਾਗ ਪੂਰੀ ਤਰ੍ਹਾਂ ਵਚਨਬੱਧ : ਪੁਲਿਸ ਕਮਿਸ਼ਨਰ
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਆਪਣੇ ਦਫ਼ਤਰ ਵਿਖੇ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਜ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪੁਲਿਸ ਵਿਭਾਗ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੁਲਿਸ ਵਿਭਾਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Publish Date: Thu, 26 Feb 2026 03:59 PM (IST)
Updated Date: Thu, 26 Feb 2026 04:02 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ, ਪੰਜਾਬੀ ਜਾਗਰਣ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਆਪਣੇ ਦਫ਼ਤਰ ਵਿਖੇ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਜ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪੁਲਿਸ ਵਿਭਾਗ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੁਲਿਸ ਵਿਭਾਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਪੁਲਿਸ ਵਿਭਾਗ ਵੱਲੋਂ ਸੀਲ ਵੀ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਨਸ਼ਾ ਤਸਕਰ ਫੜ੍ਹ ਕੇ ਕਾਨੂੰਨ ਦੇ ਹਵਾਲੇ ਕੀਤੇ ਹਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਵਿਭਾਗ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਰਵਾਈ ਕਰ ਰਿਹਾ ਹੈ, ਉੱਥੇ ਨਸ਼ੇ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਵੀ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜ੍ਹਤ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਇਲਾਜ ਲਈ ਸਰਕਾਰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ।
ਉਨ੍ਹਾਂ ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਜ਼ ਨੂੰ ਕਿਹਾ ਕਿ ਉਹ ਨਸ਼ਾ ਮੁਕਤੀ ਮੁਹਿੰਮ ਵਿੱਚ ਹੋਰ ਵੀ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੱਧ ਕਰਨ।
ਮੀਟਿੰਗ ਦੌਰਾਨ ਗੱਲ ਕਰਦਿਆਂ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦੀਕਸ਼ਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਹਰ ਪਿੰਡ-ਸ਼ਹਿਰ ਪੈਦਲ ਯਾਤਰਾਵਾਂ ਕੱਢ ਕੇ ਨਸ਼ੇ ਰੂਪੀ ਕੋਹੜ ਦੇ ਖ਼ਿਲਾਫ਼ ਇਕ ਲੋਕ ਲਹਿਰ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪਿੰਡਾਂ ਦੇ ਪਹਿਰੇਦਾਰ ਦੇ ਨਾਂ ’ਤੇ ਇਹ ਕੈਂਪੇਅਨ ਲਾਂਚ ਕੀਤੀ ਗਈ ਹੈ, ਜਿਸਦੇ ਨਾਲ ਇਕ ਫੋਨ ਨੰਬਰ 98991-00002 ਜਿਸਦੇ ਉੱਪਰ ਲੋਕ ਮਿਸ ਕਾਲ ਦੇ ਕੇ ਪਿੰਡ ਦੇ ਪਹਿਰੇਦਾਰ ਵਜੋਂ ਆਪਣੀ ਭੂਮਿਕਾ ਨਿਭਾ ਸਕਣਗੇ।
ਧਵਨ ਨੇ ਕਿਹਾ ਕਿ ਸਰਕਾਰ ਵਲੋਂ ਲਾਂਚ ਕੀਤੀ ਗਈ ਐਪ ਰਾਹੀਂ ਲੋਕ ਆਪਣੇ ਇਲਾਕੇ ਵਿੱਚ ਨਸ਼ਾ ਤਸਕਰ ਦੀ ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ ਅਤੇ ਇਸ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।