ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਦੇ ਕਤਲ ਮਗਰੋਂ ਗਰਮਾਈ ਸਿਆਸਤ, ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨਸਾ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਮਾਨਸਾ ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ।
Publish Date: Tue, 13 Oct 2026 12:07 PM (IST)
Updated Date: Tue, 13 Oct 2026 01:46 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ -: ਮਾਨਸਾ ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਮਾਨਸਾ ਪਹੁੰਚਣਗੇ। ਇਸ ਦੌਰਾਨ ਉਹ ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਨਗੇ। ਉਥੇ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਲਿਖਿਆ, ''ਮਾਨਸਾ ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਸ. ਪਰਵਿੰਦਰ ਸਿੰਘ ਦੇ ਅੱਜ ਹੋਏ ਬੇਹੱਦ ਮੰਦਭਾਗੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੂੰ ਜਲਦ ਹੀ ਮਿਲਿਆ ਜਾਵੇਗਾ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਦੀ ਪੁਰਜ਼ੋਰ ਨਿਖੇਧੀ ਕਰਦਾ ਹਾਂ। ਸਾਹਮਣੇ ਆਏ ਤੱਥ ਪੰਜਾਬ ਅੰਦਰ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਬਹੁਤ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਸ. ਪਰਵਿੰਦਰ ਸਿੰਘ ਲੰਮੇ ਸਮੇਂ ਤੋਂ ਨਸ਼ੇ ਵਿਰੁੱਧ ਸੰਘਰਸ਼ ਕਰ ਰਿਹਾ ਸੀ, ਉਸ ਦਾ ਕਤਲ ਸਮੁੱਚੇ ਪੰਜਾਬ ਲਈ ਵੱਡਾ ਘਾਟਾ ਹੈ। ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਬਾਕੀ ਗੱਲਬਾਤ ਪਰਿਵਾਰ ਤੇ ਇਲਾਕਾ ਵਾਸੀਆਂ ਨਾਲ ਮਿਲ ਕੇ ਅਤੇ ਜ਼ਮੀਨੀ ਹਾਲਾਤ ਜਾਣ ਕੇ।''
ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦੇ ਕਤਲ ਦੀ ਇਸ ਘਟਨਾ ਨੇ ਇਲਾਕੇ ਵਿੱਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਥੇਦਾਰ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ ਜਾਵੇਗੀ।