ਸਟਾਫ ਰਿਪੋਰਟਰ, ਅੰਮਿ੍ਤਸਰ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਐੱਸਐੱਸ ਮਰਵਾਹਾ ਨੇ ਦਿੱਲੀ 'ਚ ਵਧ ਰਹੇ ਪ੍ਰਦੂਸ਼ਣ ਸਬੰਧੀ ਸਥਿਤੀ ਸਪਸ਼ਟ ਕਰਦਿਆਂ ਦੱਸਿਆ ਕਿ ਪੰਜਾਬ ਦੀ ਪਰਾਲੀ ਨਾਲ ਦਿੱਲੀ 'ਚ ਹੁੰਦੇ ਪ੍ਰਦੂਸ਼ਣ ਦਾ ਕੋਈ ਸਬੰਧ ਨਹੀਂ ਹੈ ਅਤੇ ਸਾਡੇ ਕੁਝ ਕਿਸਾਨਾਂ ਵੱਲੋਂ ਸਾੜੀ ਜਾਂਦੀ ਪਰਾਲੀ ਦਾ 10 ਫ਼ੀਸਦੀ ਹਿੱਸਾ ਹੀ ਦਿੱਲੀ ਪਹੁੰਚਦਾ ਹੈ।

ਸ਼ੁੱਕਰਵਾਰ ਨੂੰ ਭਵਨ ਐੱਸਐੱਲ ਸਕੂਲ ਵਿਖੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਬੋਰੀ (ਜੂਟ) ਦੇ ਬੈਗ ਵੰਡਣ ਅਤੇ ਸ਼ਹਿਰ ਨੂੰ ਪਲਾਸਟਿਕ ਤੋਂ ਮੁਕਤ ਕਰਨ ਲਈ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਡਾ. ਮਰਵਾਹਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਜੋ ਦਿਨ ਰਾਤ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਜਾਗਰੂਕ ਕਰ ਰਹੀਆਂ ਹਨ ਅਤੇ ਇਸ ਤੋਂ ਇਲਾਵਾ ਜਿੱਥੇ ਵੀ ਪਰਾਲੀ ਸਾੜਨ ਦੀ ਸ਼ਿਕਾਇਤ ਮਿਲਦੀ ਹੈ, ਉਥੇ ਪਹੁੰਚ ਕੇ ਕਿਸਾਨਾਂ ਨੂੰ ਜੁਰਮਾਨਾ ਕਰ ਰਹੀਆਂ ਹਨ।

ਉਨ੍ਹਾਂ ਪੰਜਾਬ ਦੀ ਪਰਾਲੀ ਦੇ ਧੂੰਏ ਨਾਲ ਦਿੱਲੀ ਵਿਚ ਹੁੰਦੇ ਪ੍ਰਦੂਸ਼ਣ ਦੀਆਂ ਆ ਰਹੀਆਂ ਖ਼ਬਰਾਂ ਨੂੰ ਰੱਦ ਕਰਦੇ ਕਿਹਾ ਕਿ ਪੰਜਾਬ ਤੋਂ ਹਵਾ ਦਾ ਰੁਖ਼ ਜ਼ਿਆਦਾਤਰ ਰਾਜਸਥਾਨ ਦੀ ਦਿਸ਼ਾ ਵੱਲ ਹੁੰਦਾ ਹੈ ਅਤੇ ਰਾਜਸਥਾਨ ਨੂੰ ਅਜੇ ਤੱਕ ਕਦੇ ਕੋਈ ਸਮੱਸਿਆ ਨਹੀਂ ਆਈ ਤੇ ਨਾ ਹੀ ਉਨ੍ਹਾਂ ਸਾਨੂੰ ਕਦੇ ਇਸ ਬਾਬਤ ਕੋਈ ਸ਼ਿਕਾਇਤ ਹੀ ਕੀਤੀ ਹੈ। ਡਾ. ਮਰਵਾਹਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਬਹੁਤ ਜਾਗਰੂਕ ਹੋ ਰਿਹਾ ਹੈ ਅਤੇ ਉਹ ਪਰਾਲੀ ਨੂੰ ਸਾੜਨ ਤੋਂ ਗੁਰੇਜ ਕਰ ਰਿਹਾ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਸਤੇ ਰੇਟਾਂ ਉਤੇ ਸੰਦ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਕਿਸਾਨ ਹੁਣ ਪਰਾਲੀ ਨੂੰ ਸਾੜਨ ਨਾਲੋਂ ਖੇਤਾਂ ਵਿਚ ਮਿਲਾਉਣ ਨੂੰ ਤਰਜੀਹ ਦੇਣ ਲੱਗ ਪਿਆ ਹੈ।

ਇਸ ਮੌਕੇ ਅੰਮਿ੍ਤਸਰ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ: ਮਰਵਾਹਾ ਨੇ ਕਿਹਾ ਕਿ ਉਹ ਇਕ ਵਾਰ ਵਰਤੋਂ ਵਿੱਚ ਆਉਣ ਵਾਲਾ ਪਲਾਸਟਿਕ ਵਾਲੇ ਸਮਾਨ ਤੋਂ ਗੁਰੇਜ ਕਰਨ।