ਸਟਾਫ ਰਿਪੋਰਟਰ, ਅੰਮਿ੍ਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼ੋ੍ਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਅੰਮਿ੍ਤਸਰ ਨਗਰ ਨਿਗਮ ਦੇ ਮੇਅਰ, ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਸ੍ਰੀ ਅੰਮਿ੍ਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 11 ਅਕਤੂਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਵਾਂਗ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮਿ੍ਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਅਤੇ ਸ਼ਹਿਰ ਦੇ ਮਾਰਗਾਂ ਦੀ ਲੋੜੀਂਦੀ ਸਾਫ਼ ਸਫ਼ਾਈ ਅਤੇ ਟ੍ਰੈਫਿਕ ਆਦਿ ਦੇ ਮਸਲਿਆਂ ਨੂੰ ਲੈ ਕੇ ਸ਼ੋ੍ਮਣੀ ਕਮੇਟੀ ਅਧਿਕਾਰੀਆਂ ਨੇ ਨਗਰ ਨਿਗਮ ਅਤੇ ਸਿਵਲ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।

ਇਸ ਇਕੱਤਰਤਾ ਮੌਕੇ ਸ਼ੋ੍ਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੇਅਰ ਕਰਮਜੀਤ ਸਿੰਘ ਰਿੰਟੂ, ਐਸਡੀਐਮ ਮਨਕੰਵਲ ਸਿੰਘ ਚਾਹਲ, ਏਡੀਸੀਪੀ ਸ਼ਹਿਰੀ ਮਹਿਤਾਬ ਸਿੰਘ, ਏਸੀਪੀ ਸੁਰਿੰਦਰ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਨੇ ਸ਼ੋ੍ਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਆਖਿਆ ਕਿ ਚੌਥੇ ਪਾਤਸ਼ਾਹ ਦੀ ਨਗਰੀ ਸ੍ਰੀ ਅੰਮਿ੍ਤਸਰ ਦਾ ਵਸਨੀਕ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ 'ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

ਇਸ ਦੌਰਾਨ ਅੰਮਿ੍ਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਨਗਰ ਨਿਗਮ ਆਪਣੇ ਜ਼ਿੰਮੇਂ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਏਗਾ ਅਤੇ ਸ਼ੋ੍ਮਣੀ ਕਮੇਟੀ ਨੂੰ ਹਰ ਪੱਧਰ 'ਤੇ ਸਹਿਯੋਗ ਕੀਤਾ ਜਾਵੇਗਾ। ਏਡੀਸੀਪੀ ਮਹਿਤਾਬ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤਰਫੋਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼ੋ੍ਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਮੇਅਰ ਅਤੇ ਹੋਰ ਅਧਿਕਾਰੀਆਂ ਵੱਲੋਂ ਸਹਿਯੋਗ ਦੇ ਦਿੱਤੇ ਭਰੋਸੇ ਲਈ ਧੰਨਵਾਦ ਕੀਤਾ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰਪੁਰਬ ਸਬੰਧੀ ਸੱਦਾ ਪੱਤਰ ਦਿੱਤਾ। ਇਸ ਇਕੱਤਰਤਾ ਦੌਰਾਨ ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਐੱਸਐੱਚਓ ਪਰਮਜੀਤ ਸਿੰਘ ਸਮੇਤ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਪ੍ਰਕਾਸ਼ ਪੁਰਬ ਸਮਾਗਮਾਂ ਦਾ ਵੇਰਵਾ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਦੀ ਤਰਾਂ੍ਹ ਵੱਖ-ਵੱਖ ਸਮਾਗਮ ਹੋਣਗੇ। ਸ਼ੋ੍ਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ 10 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸ ਤੋਂ ਇਲਾਵਾ 10 ਅਕਤੂਬਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਕੀਤਾ ਜਾਵੇਗਾ। ਗੁਰਪੁਰਬ ਵਾਲੇ ਦਿਨ 11 ਅਕਤੂਬਰ ਨੂੰ ਸਵੇਰੇ 8.30 ਤੋਂ 12 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸੱਜਣਗੇ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਦਿਨ ਧਾਰਮਿਕ ਦੀਵਾਨ ਜਾਰੀ ਰਹਿਣਗੇ ਅਤੇ ਇਨਾਂ੍ਹ ਦੌਰਾਨ ਵਿਸ਼ੇਸ਼ ਕਵੀ ਸਮਾਗਮ ਵੀ ਹੋਵੇਗਾ। 11 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅੰਮਿ੍ਤ ਸੰਚਾਰ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਦੀਪ ਮਾਲਾ ਹੋਵੇਗੀ ਅਤੇ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਚਲਾਈ ਜਾਵੇਗੀ। ਉਨਾਂ੍ਹ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮਾਂ ਦੀ ਲੜੀ ਚੱਲ ਰਹੀ ਹੈ, ਜੋ 9 ਅਕਤੂਬਰ ਤਕ ਜਾਰੀ ਰਹੇਗੀ।