ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 99ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦੇ ਭੋਗ 15 ਨਵੰਬਰ ਨੂੰ ਪੈਣਗੇ।

ਸਥਾਪਨਾ ਦਿਵਸ ਸਬੰਧੀ ਬੀਤੇ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਮਾਗਮ ਕਰਨ ਦੀ ਸ਼ੁਰੂਆਤ ਕੀਤੀ ਸੀ ਅਤੇ ਅਗਲੇ ਸਾਲ 15 ਨਵੰਬਰ 2020 ਨੂੰ ਸ਼ਤਾਬਦੀ ਮਨਾਈ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤਕ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ।

ਅਗਲੇ ਸਾਲ ਇਸ ਮਾਣਮੱਤੀ ਸੰਸਥਾ ਦੀ ਸਥਾਪਨਾ ਦੀ ਪਹਿਲੀ ਸ਼ਤਾਬਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸਿੱਖ ਸੰਸਥਾ ਦਾ ਸਥਾਪਨਾ ਦਿਹਾੜਾ ਮਨਾਉਣਾ ਸਮਰਪਣ ਤੇ ਸਤਿਕਾਰ ਦੀ ਭਾਵਨਾ ਵਜੋਂ ਹੈ। ਉਨ੍ਹਾਂ ਦੱਸਿਆ ਕਿ ਸਥਾਪਨਾ ਦਿਵਸ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਕੁਝ ਸਾਬਕਾ ਤੇ ਮੌਜੂਦਾ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸਕੱਤਰ ਮਨਜੀਤ ਸਿੰਘ ਬਾਠ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪਰਡੈਂਟ, ਸਤਪਾਲ ਸਿੰਘ, ਮਿਲਖਾ ਸਿੰਘ, ਮੁਖਤਾਰ ਸਿੰਘ ਕੋਹਾੜਕਾ ਆਦਿ ਹਾਜ਼ਰ ਸਨ।