ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਉਲੀਕਣ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਘੰਟਾ ਘਰ ਤੋਂ ਡੀਸੀ ਦਫ਼ਤਰ ਤਕ ਕਾਲੀਆਂ ਦਸਤਾਰਾਂ ਬੰਨ ਕੇ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਹੋਇਆ ਸੀ ਕਿ ਸਿੱਖ ਜਥੇਬੰਦੀਆਂ ਮਿਲ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੋਗਰਾਮ ਉਲੀਕਣ। ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਜਿਨ੍ਹਾਂ ਸੂਬਿਆਂ ਵਿੱਚ ਬੰਦੀ ਸਿੰਘ ਕੈਦ ਹਨ, ਉਨ੍ਹਾਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖੇ ਸੀ। ਪੱਤਰ ਲਿਖਣ ਦੇ ਬਾਵਜੂਦ ਵੀ ਲੰਮਾ ਸਮਾਂ ਬੀਤਣ 'ਤੇ ਉਨ੍ਹਾਂ ਨੂੰ ਕੋਈ ਵੀ ਇਸ ਮੁੱਦੇ 'ਤੇ ਸਮਾਂ ਨਹੀਂ ਦਿੱਤਾ ਗਿਆ। ਜਿਸ ਨੂੰ ਦੇਖਦਿਆਂ 10 ਅਗਸਤ ਨੂੰ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਗ ਕਮੇਟੀ ਦੀ ਇਕੱਤਰਤਾ ਵਿੱਚ ਫ਼ੈਸਲਾ ਕੀਤਾ ਗਿਆ ਸੀ, ਕਿ ਪੰਜਾਬ ਭਰ ਦੇ ਡੀ ਸੀ ਦਫਤਰ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤੇ ਜਾਣ। ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਕਰਦਿਆਂ ਘੰਟਾ ਘਰ ਤੋਂ ਡੀਸੀ ਦਫ਼ਤਰ ਤਕ ਰੋਸ ਮਾਰਚ ਕੱਢਿਆ ਗਿਆ। ਡੀ ਸੀ ਰਾਹੀਂ ਪ੍ਰਧਾਨ ਮੰਤਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸਤਬੀਰ ਸਿੰਘ ਧਾਮੀ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ ਤੋੰ ਇਲਾਵਾ ਹਜ਼ਾਰਾਂ ਸ਼੍ਰੋਮਣੀ ਕਮੇਟੀ ਮੁਲਾਜ਼ਮ ਇਸ ਮਾਰਚ ਵਿੱਚ ਸ਼ਾਮਲ ਹਨ ।

Posted By: Sandip Kaur