ਮਜ਼ਦੂਰ ਜਥੇਬੰਦੀਆਂ ਨੇ ਕੇਂਦਰ ਤੇ ਯੂਪੀ ਸਰਕਾਰ ਦੇ ਪੁਤਲੇ ਫੂਕੇ
ਮਜ਼ਦੂਰ ਜਥੇਬੰਦੀਆਂ ਨੇ ਕੇਂਦਰ ਤੇ ਯੂਪੀ ਸਰਕਾਰ ਦੇ ਪੁਤਲੇ ਫੂਕੇ
Publish Date: Tue, 21 Apr 2026 06:25 PM (IST)
Updated Date: Wed, 22 Apr 2026 04:07 AM (IST)

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਰਤ ਦੀਆਂ ਪ੍ਰਮੁੱਖ ਟ੍ਰੇਡ ਯੂਨੀਅਨਾਂ ਸੀਟੂ, ਏਟਕ, ਸੀਟੀਯੂ ਅਤੇ ਡੀਟੀਐਫ ਵੱਲੋਂ ਕੇਂਦਰ ਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਮੁਜਾਹਰਾ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੋਵਾਂ ਸਰਕਾਰਾਂ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਦੇ ਪੁਤਲੇ ਫੂਕੇ। ਯੂਨੀਅਨ ਆਗੂਆਂ ਨੇ ਐਨਸੀਆਰ ਖੇਤਰ ਵਿਚ ਬੀਤੇ ਦਿਨੀਂ ਮਜ਼ਦੂਰਾਂ ਤੇ ਹੋਏ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਗਏ ਮਜ਼ਦੂਰਾਂ ਨੂੰ ਤੁਰੰਤ ਅਤੇ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਸੁੱਚਾ ਸਿੰਘ ਅਜਨਾਲਾ, ਅਮਰਜੀਤ ਸਿੰਘ ਆਸਲ, ਜਗਤਾਰ ਸਿੰਘ ਕਰਮਪੁਰਾ ਤੇ ਜਰਮਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰੇ। ਉਨ੍ਹਾਂ ਵਿਸ਼ੇਸ਼ ਤੌਰ ਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਦੇ ਹਿੱਤਾਂ ਦੇ ਉਲਟ ਲਿਆਂਦੇ ਗਏ ਚਾਰ ਲੇਬਰ ਕੋਡਾਂ ਨੂੰ ਫੌਰੀ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਕੀਤੇ ਜਾਣ। ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਰਾਜਧਾਨੀ ਦਿੱਲੀ ਦੇ ਨਜ਼ਦੀਕ ਮਜ਼ਦੂਰਾਂ ਵੱਲੋਂ ਕੀਤੇ ਗਏ ਵਿਸ਼ਾਲ ਇਕੱਠ ਤੋਂ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਦੇਸ਼ ਦੇ ਮਜ਼ਦੂਰ ਵਰਗ ਵਿੱਚ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖ਼ਿਲਾਫ਼ ਭਾਰੀ ਰੋਸ ਹੈ ਅਤੇ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਤਿਆਗਿਆ ਤਾਂ ਇਸ ਦੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਕਾਫ਼ੀ ਚਿੰਤਾਜਨਕ ਹੋਣਗੇ। ਇਸ ਰੋਸ ਪ੍ਰਦਰਸ਼ਨ ਵਿੱਚ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ ਮਜੀਠਾ, ਕਿਰਪਾ ਰਾਮ, ਧਰਮਪਾਲ, ਸੂਰਜ, ਵਿਜੇ ਕੁਮਾਰ, ਰਾਜਾ ਰਾਮ, ਮੋਹਨ ਲਾਲ, ਸ਼ਮਸ਼ੇਰ ਸਿੰਘ, ਸੁਰਿੰਦਰ ਸ਼ਿੰਦਾ, ਸੁਖਰਾਜ ਸਰਕਾਰੀਆ, ਮਮਤਾ, ਪਰਮਜੀਤ ਮਾਨ ਅਤੇ ਰਜਿੰਦਰ ਸਮੇਤ ਵੱਡੀ ਗਿਣਤੀ ਵਿੱਚ ਸਾਥੀ ਅਤੇ ਮਜ਼ਦੂਰ ਆਗੂ ਹਾਜ਼ਰ ਸਨ। ਅੰਤ ਵਿੱਚ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।