ਸਟਾਫ ਰਿਪੋਰਟਰ, ਅੰਮਿ੍ਤਸਰ : ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮਿ੍ਤਸਰ ਸ਼ਹਿਰ ਜਗਮੋਹਨ ਸਿੰਘ ਪੀਪੀਐੱਸ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮਿ੍ਤਸਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਅਤੇ ਵਿਖਾਵਾ ਕਰਨ 'ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਜਾਰੀ ਹੁਕਮ ਵਿਚ ਕਿਹਾ ਹੈ ਕਿ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ 'ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।