ਮਨੋਜ ਕੁਮਾਰ, ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਚੋਣਾਂ ਲਈ ਕਾਂਗਰਸ ਨੇ 86 ਉਮੀਦਵਾਰਾਂ ਦੀ ਸੂਚੀ ਸ਼ਨਿੱਚਰਵਾਰ ਨੂੰ ਜਾਰੀ ਕਰ ਦਿੱਤੀ। ਅੰਮ੍ਰਿਤਸਰ ਸ਼ਹਿਰ ਦੀਆਂ ਪੰਜੇ ਹੀ ਵਿਧਾਨ ਸਭਾ ਹਲਕਿਆਂ ਲਈ ਪਾਰਟੀ ਨੇ ਪੁਰਾਣੇ ਚਿਹਰਿਆਂ ਉੱਤੇ ਵਿਸ਼ਵਾਸ ਪ੍ਰਗਟਾਇਆ ਹੈ। ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਵੱਲੋਂ ਸੂਬਾ ਪ੍ਰਧਾਨ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਦੂਜੀ ਵਾਰ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸੇ ਤਰ੍ਹਾਂ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਲਗਾਤਾਰ ਤੀਜੀ ਵਾਰੀ ਚੋਣ ਲੜਨਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੂੰ ਵੀ ਵਿਧਾਨ ਸਭਾ ਹਲਕਾ ਪੱਛਮੀ ਤੋਂ ਲਗਾਤਾਰ ਤੀਜੀ ਵਾਰ ਉਮੀਦਵਾਰ ਬਣਾਇਆ ਗਿਆ ਹੈ। ਹਲਕਾ ਉੱਤਰੀ ਤੋਂ ਪਾਰਟੀ ਨੇ ਸਟਿੰਗ ਵਿਧਾਇਕ ਸੁਨੀਲ ਦੱਤੀ ਨੂੰ ਲਗਾਤਾਰ ਦੂਜੀ ਵਾਰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਸ ਹਲਕੇ ਤੋਂ ਕਾਂਗਰਸ ਦੀ ਟਿਕਟ ਲਈ ਬਹੁਤ ਸਾਰੇ ਕਾਂਗਰਸੀ ਆਗੂ ਦਾਅਵੇਦਾਰ ਮੰਨੇ ਜਾ ਰਹੇ ਸਨ ਪਰ ਦੱਤੀ ਟਿਕਟ ਪ੍ਰਾਪਤ ਕਰਨ ਵਿਚ ਸਫ਼ਲ ਰਹੇ। ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਲਗਾਤਾਰ ਚੌਥੀ ਵਾਰ ਚੋਣ ਮੈਦਾਨ ਵਿਚ ਉਤਰ ਰਹੇ ਹਨ ਪਰ ਕਾਂਗਰਸ ਪਾਰਟੀ ਵੱਲੋਂ ਉਹ ਲਗਾਤਾਰ ਦੂਜੀ ਵਾਰ ਚੋਣ ਲੜਨਗੇ।

Posted By: Seema Anand