ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ : ਮੁੰਡੀਆਂ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਪੇਂਡੂ ਖੇਤਰਾਂ ਵਿਚ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਸੂਬੇ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ
Publish Date: Mon, 05 Oct 2026 06:16 PM (IST)
Updated Date: Mon, 05 Oct 2026 06:20 PM (IST)
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਪੱਖੀ ਪ੍ਰੋਜੈਕਟ ਲੋਕ ਅਰਪਣ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਪੇਂਡੂ ਖੇਤਰਾਂ ਵਿਚ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਸੂਬੇ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਹਿਰੀ ਪਾਣੀ ਆਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ ਕੰਦੋਵਾਲੀ ਐਂਡ ਮੱਜੂਪੁਰਾ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਪ੍ਰਬੰਧਕੀ ਰਾਮਵੀਰ, ਆਈਏਐੱਸ, ਹਲਕਾ ਮਜੀਠਾ ਤੋਂ ਤਲਬੀਰ ਸਿੰਘ ਗਿੱਲ, ਹਲਕਾ ਰਾਜਾਸਾਂਸੀ ਤੋਂ ਸੋਨੀਆ ਮਾਨ, ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਹਾਜ਼ਰ ਇਕੱਠ ਨੂੰ ਇਸ ਪ੍ਰੋਜੈਕਟ ਦੀ ਸ਼ੁਰੂਆਤ ਦੀ ਵਧਾਈ ਦਿੰਦਿਆਂ ਉਨ੍ਹਾਂ ਦੱਸਿਆ ਨਹਿਰੀ ਪਾਣੀ ਆਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ ਤਹਿਤ ਨਹਿਰੀ ਪਾਣੀ ਨੂੰ ਟਰੀਟ ਕਰਕੇ ਪੀਣ ਯੋਗ ਬਣਾਉਣ ਲਈ 39 ਐਮਐਲਡੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਅਪਰ ਬਾਰੀ ਦੁਆਬ ਨਹਿਰ ਦੀ ਲਾਹੌਰ ਬ੍ਰਾਂਚ ’ਤੇ ਕੰਦੋਵਾਲੀ ਐਂਡ ਮਜੂਪੁਰਾ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 285.97 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਅਤੇ ਪਿੰਡਾਂ ਵਿੱਚ 20 ਜਲ ਟੈਂਕੀਆਂ ਵੀ ਬਣਾਈਆਂ ਜਾਣੀਆਂ ਹਨ। ਉਨ੍ਹਾਂ ਕਿਹਾ ਇਸ ਪ੍ਰੋਜੈਕਟ ਉੱਪਰ 266.95 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਸ ਸਕੀਮ ਤਹਿਤ ਅਜਨਾਲਾ, ਮਜੀਠਾ, ਹਰਸ਼ਾ ਛੀਨਾ ਅਤੇ ਚੋਗਾਵਾਂ ਬਲਾਕਾਂ ਦੇ 167 ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸਕੀਮ ਅਧੀਨ ਅਜਨਾਲਾ ਬਲਾਕ ਦੇ 101, ਹਰਸ਼ਾ ਛੀਨਾ ਦੇ 56, ਮਜੀਠਾ ਦੇ 9 ਅਤੇ ਚੋਗਾਵਾਂ ਦੇ 1 ਪਿੰਡ ਨੂੰ ਕਵਰ ਕੀਤਾ ਜਾ ਰਿਹਾ ਹੈ। ਇਸ ਪਾਣੀ ਨੂੰ ਪਾਈਪਲਾਈਨ ਨੈੱਟਵਰਕ ਰਾਹੀਂ ਸਬੰਧਿਤ ਪਿੰਡਾਂ ਤੱਕ ਪਹੁੰਚਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਰਾਹੀਂ ਲਗਪਗ 45,343 ਘਰਾਂ ਵਿਚ ਰਹਿੰਦੇ 2,65,994 ਪਿੰਡ ਵਾਸੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਦਾ ਟੀਚਾ ਹੈ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਨੂੰ ਘਟਾ ਕੇ ਲੋਕਾਂ ਨੂੰ ਨਹਿਰੀ ਪਾਣੀ ’ਤੇ ਆਧਾਰਿਤ ਸਾਫ਼, ਸ਼ੁੱਧ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਕੁਝ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਵਿਚ ਟੀਡੀਐਸ ਅਤੇ ਆਰਸੇਨਿਕ ਵਰਗੇ ਤੱਤਾਂ ਦੀ ਮਾਤਰਾ ਵਧਣ ਕਾਰਨ ਕਈ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਪੈਦਾ ਹੋ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਸਾਫ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਕੰਮ 10 ਨਵੰਬਰ 2020 ਨੂੰ ਸ਼ੁਰੂ ਹੋਇਆ ਸੀ ਅਤੇ ਸਕੀਮ ਮੁਕੰਮਲ ਹੋਣ ਉਪਰੰਤ ਇਸ ਦੀ ਦੇਖਭਾਲ 10 ਸਾਲ ਲਈ ਸਬੰਧਤ ਏਜੰਸੀ ਵੱਲੋਂ ਕੀਤੀ ਜਾਵੇਗੀ। ਮੁੰਡੀਆਂ ਨੇ ਕਿਹਾ ਕਿ ਇਹ ਪ੍ਰਾਜੈਕਟ ਪੇਂਡੂ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਾਣੀ ਨਾਲ ਸਬੰਧਤ ਸਿਹਤ ਸਮੱਸਿਆਵਾਂ ਨੂੰ ਘਟਾਉਣ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਨਹਿਰੀ ਪਾਣੀ ਦੀ ਸਪਲਾਈ ਉਪਲਬਧ ਹੋਣ ਨਾਲ ਪਿੰਡ ਵਾਸੀਆਂ ਨੂੰ ਸੁਰੱਖਿਅਤ ਪੀਣ ਵਾਲਾ ਪਾਣੀ ਮਿਲੇਗਾ ਅਤੇ ਸਿਹਤਮੰਦ ਤੇ ਬਿਹਤਰ ਜੀਵਨ ਲਈ ਮਜ਼ਬੂਤ ਆਧਾਰ ਤਿਆਰ ਹੋਵੇਗਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਇਸ ਪ੍ਰੋਜੈਕਟ ਦੀ ਸਾਰੀ ਕਾਰਜਪ੍ਰਣਾਲੀ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਹਿਰੀ ਪਾਣੀ ਆਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਸਾਡੇ ਇਲਾਕੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਤੇ ਸ਼ੁੱਧ ਪਾਣੀ ਮਿਲੇਗਾ। ਉਨ੍ਹਾਂ ਕਿਹਾ ਮਾਨ ਸਰਕਾਰ ਨੇ ਹਮੇਸ਼ਾਂ ਹੀ ਅਜਿਹੇ ਲੋਕ ਪੱਖੀ ਉਪਰਾਲੇ ਕਰਕੇ ਅਵਾਮ ਨੂੰ ਵੱਡੀ ਸਹੂਲਤ ਦਿੱਤੀ ਹੈ ਅਤੇ ਅੱਜ ਦਾ ਦਿਨ ਹਲਕਾ ਅਜਨਾਲਾ ਲਈ ਬੇਹੱਦ ਖਾਸ ਹੈ। ਉਨ੍ਹਾਂ ਇਸ ਪ੍ਰੋਜੈਕਟ ਨੂੰ ਰਿਕਾਰਡ ਸਮੇਂ ਵਿੱਚ ਮੁਕੰਮਲ ਕਰਨ ਲਈ ਜਲ ਸਪਲਾਈ ਮੰਤਰੀ ਅਤੇ ਵਿਭਾਗ ਦੇ ਸਮੁੱਚੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਰਾਮਵੀਰ ਨੇ ਇਸ ਪ੍ਰੋਜੈਕਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਵੱਲੋਂ ਇਸ ਪ੍ਰੋਜੈਕਟ ਅਧੀਨ ਆਉਂਦੇ ਸਾਰੇ 167 ਪਿੰਡਾਂ ਤੱਕ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਤਲਬੀਰ ਸਿੰਘ ਗਿੱਲ ਅਤੇ ਸੋਨੀਆ ਮਾਨ ਵੱਲੋਂ ਵੀ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਮਾਨ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ ਆਰਕੇ ਖੋਸਲਾ, ਨਿਗਰਾਨ ਇੰਜੀ: ਗੁਰਪ੍ਰੀਤ ਸਿੰਘ, ਕਾਰਕਾਰੀ ਇੰਜੀ: ਸਾਹਿਲ ਅਨੰਦ, ਐੱਸਡੀਐੱਮ ਅਜਨਾਲਾ ਚਾਰੂਮਿਤਰਾ, ਜੇਐੱਮਸੀ ਐੱਲਸੀਈ ਐੱਸਪੀਐੱਲ (ਕਲਪੱਤਰੂ) ਕੰਪਨੀ ਦੇ ਜੀਐੱਮ ਰਜਨੀਸ਼, ਜੀਐੱਮ ਦਰਸ਼ਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।