ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਰਾਹੀਂ ਬਰਤਾਨੀਆ ਸਰਕਾਰ ਕੋਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀਆਂ ਨਿਸ਼ਾਨੀਆਂ ਅੰਮ੍ਰਿਤਸਰ ਲਿਆਵੇਗੀ : ਡਾ. ਰਵਜੋਤ ਸਿੰਘ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਮਦਨ ਲਾਲ ਢੀਂਗਰਾ ਦੇ 117ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਰਾਜ ਪੱਧਰੀ
Publish Date: Mon, 17 Aug 2026 06:44 PM (IST)
Updated Date: Mon, 17 Aug 2026 06:48 PM (IST)
ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਮਦਨ ਲਾਲ ਢੀਂਗਰਾ ਦੇ 117ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ, ਗੋਲ ਬਾਗ, ਅੰਮ੍ਰਿਤਸਰ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੂਬੇ ਦੇ ਸੰਸਦੀ ਕਾਜ ਮਾਮਲੇ, ਪ੍ਰਵਾਸੀ ਭਾਰਤੀ ਮਾਮਲੇ ਅਤੇ ਜੇਲਾਂ ਮੰਤਰੀ ਡਾ. ਰਵਜੋਤ ਸਿੰਘ ਸ਼ਾਮਿਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਪੂਰਬੀ ਦੀ ਵਿਧਾਇਕ ਜੀਵਨਜੋਤ ਕੌਰ, ਵਿਧਾਨ ਸਭਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਸ਼ਾਮਿਲ ਹੋਏ। ਸਭ ਤੋਂ ਪਹਿਲਾਂ ਦੋਵਾਂ ਕੈਬਨਿਟ ਮੰਤਰੀਆਂ ਅਤੇ ਵਿਧਾਇਕ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਉਤੇ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਰਾਹੀਂ ਬਰਤਾਨੀਆਂ ਦੀ ਹਕੂਮਤ ਤੱਕ ਪਹੁੰਚ ਕਰਕੇ ਸ਼ਹੀਦ ਮਦਨ ਲਾਲ ਢੀਂਗਰਾ ਦੀਆਂ ਨਿਸ਼ਾਨੀਆਂ ਉਨ੍ਹਾਂ ਦੀ ਜਨਮ ਭੂਮੀ ਅੰਮ੍ਰਿਤਸਰ ਵਿਖੇ ਲਿਆਂਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਸ਼ਹੀਦੀ ਸਮਾਰਕ ਦੇ ਸੁੰਦਰੀਕਰਨ ਵੱਲੋਂ ਵਿਸ਼ੇਸ਼ ਧਿਆਨ ਦੇਣ ਦੇ ਨਾਲ ਇਸ ਨੂੰ ਅੰਮ੍ਰਿਤਸਰ ਦੇ ਟੂਰਿਸਟ ਮੈਪ ਵਿੱਚ ਸ਼ਾਮਿਲ ਕੀਤਾ ਜਾ ਸਕੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਸ਼ਹੀਦ ਮਦਨ ਲਾਲ ਢੀਂਗਰਾ ਦੀ ਕੁਰਬਾਨੀ ਤੋਂ ਜਾਣੂ ਹੋ ਸਕਣ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸ਼ਹੀਦਾਂ ਵਲੋਂ ਸਿਰਜੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਦ੍ਰਿੜ ਸੰਕਲਪ ਹੈ।